ਚਾਰ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਹੋ ਰਿਹਾ ਹੈ ਖਤਮ
ਪਟਿਆਲਾ, 29 ਮਾਰਚ ,ਬੋਲੇ ਪੰਜਾਬ ਬਿਊਰੋ;
ਪਟਿਆਲਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦਾ ਅੱਜ 29 ਮਾਰਚ ਨੂੰ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ। ਜਿਸ ਤੋਂ ਬਾਅਦ ਮੁੜ ਪੁਲਿਸ ਵੱਲੋਂ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਮਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਪੁਲਿਸ ਮੁੜ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰ ਸਕਦੀ ਹੈ ਜਾਂ ਪਠਾਣ ਮਾਜਰਾ ਨੂੰ ਅਦਾਲਤ ਵਲੋਂ ਜੇਲ੍ਹ ਭੇਜਿਆ ਜਾ ਸਕਦਾ ਹੈ। ਦੱਸ ਦਈਏ ਕਿ ਗ੍ਰਿਫ਼ਤਾਰੀ ਤੋਂ ਬਾਅਦ ਪਟਿਆਲਾ ਪੁਲਿਸ ਨੇ ਪਠਾਨਮਾਜਰਾ ਨੂੰ ਅਦਾਲਤ ‘ਚ ਪੇਸ਼ ਕੀਤਾ ਸੀ ਅਤੇ ਉਸ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰੰਤੂ ਅਦਾਲਤ ਨੇ ਸਿਰਫ 4 ਦਿਨ ਦਾ ਰਿਮਾਂਡ ਦਿੱਤਾ ਸੀ, ਜੋ ਕਿ ਅੱਜ ਖਤਮ ਹੋ ਰਿਹਾ ਹੈ।
ਜ਼ਿਕਰਯੋਗ ਕਿ 25 ਮਾਰਚ ਨੂੰ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਪਠਾਣਮਾਜਰਾ ਦੇ ਨਾਲ ਉਨ੍ਹਾਂ ਦੇ ਤਿੰਨ ਸਾਥੀ ਵੀ ਕਾਬੂ ਕੀਤੇ ਗਏ ਸਨ। ਪੁਲਿਸ ਨੇ ਉਨ੍ਹਾਂ ਨੂੰ ਫੜਨ ਦੇ ਲਈ 5-6 ਟੀਮ ਤਾਇਨਾਤ ਕੀਤੀਆਂ ਸਨ। ਦੱਸ ਦਈਏ ਕਿ ਪਠਾਣਮਾਜਰਾ ਖਿਲਾਫ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਹੈ। ਅਦਾਲਤ ਨੇ ਪੇਸ਼ ਨਾ ਹੋਣ ‘ਤੇ ਹਰਮੀਤ ਪਠਾਨਮਾਜਰਾ ਨੂੰ ਪਹਿਲਾਂ ਹੀ ਭਗੌੜਾ ਐਲਾਨ ਦਿੱਤਾ ਸੀ ਅਤੇ ਉਸਦੇ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ।
ਇਹ ਦੱਸਣਯੋਗ ਹੈ ਕਿ ਹਰਮੀਤ ਪਠਾਣਮਾਜਰਾ ਪੰਜਾਬ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਹਰਮੀਤ ਸਿੰਘ ਪਠਾਣਮਾਜਰਾ ਨੂੰ ਪਿਛਲੇ ਸਾਲ 2 ਸਤੰਬਰ ਨੂੰ ਪੁਲਿਸ ਨੇ ਇੱਕ ਪੁਰਾਣੇ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਥੋੜ੍ਹੀ ਦੇਰ ਬਾਅਦ ਹੀ ਉਹ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਇਹ ਮਾਮਲਾ ਇੱਕ ਔਰਤ ਦੀ ਸ਼ਿਕਾਇਤ ਨਾਲ ਸਬੰਧਤ ਹੈ, ਜੋ ਆਪਣੇ ਆਪ ਨੂੰ ਵਿਧਾਇਕ ਦੀ ਪਤਨੀ ਹੋਣ ਦਾ ਦਾਅਵਾ ਕਰ ਰਹੀ ਹੈ। ਜਿਸ ਨੇ ਉਸ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ।
ਇਸ ਮਾਮਲੇ ‘ਚ ਪਠਾਣਮਾਜਰਾ ਵੱਲੋਂ ਅਦਾਲਤ ’ਚ ਆਪਣੀ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਪਰ ਅਦਾਲਤ ਨੇ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਪਠਾਣਮਾਜਰਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੀ ਰੁਖ ਕੀਤਾ ਸੀ ਪਰ ਉਸ ਨੂੰ ਉਥੋਂ ਵੀ ਜ਼ਮਾਨਤ ਨਹੀਂ ਮਿਲੀ ਸੀ।











