ਬਲਬੀਰ ਸਿੱਧੂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਗਮਾਡਾ ਤੇ ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਕੀਤਾ ਜਾਗਰੂਕ

ਪੰਜਾਬ

“6 ਅਪ੍ਰੈਲ ਨੂੰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ”

03 ਅਪ੍ਰੈਲ 2026, ਮੋਹਾਲੀ,ਬੋਲੇ ਪੰਜਾਬ ਬਿਊਰੋ;

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਅਤੇ ਗਮਾਡਾ ਦੀਆਂ ਧੱਕੇਸ਼ਾਹੀਆਂ ਖਿਲਾਫ਼ ਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨੂੰ 6 ਅਪ੍ਰੈਲ ਨੂੰ ਹੋਣ ਵਾਲੇ ਧਰਨੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ।

ਸਿੱਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਗਮਾਡਾ ਰਾਹੀਂ ਕਿਸਾਨਾਂ ਨਾਲ ਨਾਇਨਸਾਫ਼ੀ ਕਰ ਰਹੀ ਹੈ ਅਤੇ ਇਹ ਨੀਤੀਆਂ ਸਿੱਧੇ ਤੌਰ ‘ਤੇ ਕਿਸਾਨ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਤੋਂ ਜ਼ਮੀਨ ਹਾਸਲ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਧੱਕੇਸ਼ਾਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਪਲਾਟਾਂ ਦੀ ਵੰਡ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਦੀ ਥਾਂ ਵਪਾਰਕ ਘਰਾਣਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਹ ਗੱਲ ਸਪਸ਼ਟ ਕਰਦੀ ਹੈ ਕਿ ਸਰਕਾਰ ਦਾ ਧਿਆਨ ਲੋਕ ਭਲਾਈ ਦੀ ਥਾਂ ਮੋਟਾ ਮੁਨਾਫ਼ਾ ਕਮਾਉਣ ਵੱਲ ਹੈ।

ਸਿੱਧੂ ਨੇ ਗਮਾਡਾ ਦੀ ਉਸ ਨੀਤੀ ‘ਤੇ ਵੀ ਸਵਾਲ ਉਠਾਏ ਜਿਸ ਅਨੁਸਾਰ ਕੋਨੇ ਜਾਂ ਪਾਰਕ ਦੇ ਸਾਹਮਣੇ ਪਲਾਟ ਲੈਣ ਵਾਲਿਆਂ ਤੋਂ ਵਾਧੂ ਰਕਮ ਵਸੂਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਗਲਤ ਹੈ ਅਤੇ ਇਸਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗਮਾਡਾ, ਜੋ ਲੋਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਸੀ, ਹੁਣ ਨਿੱਜੀ ਕੰਪਨੀਆਂ ਵਾਂਗ ਕੰਮ ਕਰ ਰਿਹਾ ਹੈ ਅਤੇ ਸਿਰਫ਼ ਮੁਨਾਫ਼ੇ ‘ਤੇ ਧਿਆਨ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਰਾਹੀਂ ਸਰਕਾਰ ਕਿਸਾਨਾਂ ਦੀ ਜ਼ਮੀਨ ਹਾਸਲ ਕਰਕੇ ਵੱਡੇ ਪੱਧਰ ‘ਤੇ ਲਾਭ ਕਮਾ ਰਹੀ ਹੈ, ਪਰ ਇਸ ਨਾਲ ਨਾ ਤਾਂ ਕਿਸਾਨਾਂ ਨੂੰ ਫ਼ਾਇਦਾ ਹੋ ਰਿਹਾ ਹੈ ਅਤੇ ਨਾ ਹੀ ਆਮ ਲੋਕਾਂ ਨੂੰ ਕੋਈ ਰਾਹਤ ਮਿਲ ਰਹੀ ਹੈ।

ਸ੍ਰੀ ਸਿੱਧੂ ਵੱਲੋਂ ਪੱਤੋਂ, ਮਨੌਲੀ, ਰੁੜਕਾ, ਧਰਮਗੜ੍ਹ, ਸੇਖਣ ਮਾਜਰਾ, ਬੜੀ, ਮਾਣਕਪੁਰ ਕੱਲਰ, ਕੁਰੜਾ, ਕੁਰੜੀ, ਬਾਕਰਪੁਰ, ਮੋਟੇ ਮਾਜਰਾ, ਤੰਗੋਰੀ, ਨਡਿਆਲੀ, ਮਟਰਾਂ, ਸਿਆਊ, ਕੰਡਾਲਾ, ਸਫ਼ੀਪੁਰ, ਝਿਊਰਹੇੜੀ, ਅਲੀਪੁਰ ਅਤੇ ਜਗਤਪੁਰਾ ਸਮੇਤ ਕਈ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਸੰਕਲਪ ਲਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਜ਼ਮੀਨਾਂ ‘ਤੇ ਪੰਜਾਬ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਿੰਡ ਵਾਸੀਆਂ ਦਾ ਜੋਸ਼ ਅਤੇ ਇਕਜੁੱਟਤਾ ਇਹ ਦਰਸਾਉਂਦੀ ਹੈ ਕਿ ਆਪਣੇ ਹੱਕਾਂ ਦੀ ਰੱਖਿਆ ਲਈ ਉਹ ਹਰ ਸੰਘਰਸ਼ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਿੱਚ ਗਮਾਡਾ ਦੀਆਂ ਨੀਤੀਆਂ ਖਿਲਾਫ਼ ਭਾਰੀ ਰੋਸ ਹੈ ਅਤੇ ਲੋਕ ਆਪਣੀ ਜ਼ਮੀਨ ‘ਤੇ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਨੂੰ ਸਹਿਣ ਨਹੀਂ ਕਰਨਗੇ।

ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਦੁਬਾਰਾ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ 6 ਅਪ੍ਰੈਲ ਨੂੰ ਸਵੇਰੇ 10 ਵਜੇ ਹੋਣ ਵਾਲੇ ਧਰਨੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਸੀ, ਖੜ੍ਹੀ ਹੈ ਤੇ ਖੜ੍ਹੀ ਰਹੇਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।