ਚੰਡੀਗੜ੍ਹ 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ:
ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ’ਚ ਪੈਂਦੇ ਪਿੰਡ ਫਿੱਡੇ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 170 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਮਾਲਕੀ ਅਧਿਕਾਰ ਪ੍ਰਦਾਨ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਹੈ।
ਹੁਣ ਤੋਂ ਪਹਿਲੋਂ, ਇਲਾਕੇ ਦੇ ਬਹੁਤੇ ਲੋਕ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਕਾਨੂੰਨੀ ਦਸਤਾਵੇਜ਼ਾਂ ਜਾਂ ਮਾਲਕੀ ਅਧਿਕਾਰਾਂ ਤੋਂ ਵਾਂਝੇ ਸਨ। ਜਿਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ਾ ਲੈਣ ਜਾਂ ਘਰ ਦੀ ਖ਼ਰੀਦ-ਫ਼ਰੋਖ਼ਤ ਕਰਨ ਸਮੇਂ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਕੀਮ ਰਾਹੀਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਆਪਣੇ ਘਰਾਂ ਦੇ ਮੁਕੰਮਲ ਕਾਨੂੰਨੀ ਅਧਿਕਾਰ ਮਿਲਣਗੇ ਸਗੋਂ ਉਨ੍ਹਾਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਵੀ ਆਵੇਗੀ।
ਕੋਟਕਪੂਰਾ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਸਾਡਾ ਅਧੂਰਾ ਸੁਪਨਾ ਪੂਰਾ ਕੀਤਾ ਹੈ। ਸਪੀਕਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਤਾਂ ਜੋ ਉਹ ਆਪਣੀ ਜ਼ਿੰਦਗੀ ਬੜੇ ਮਾਣ -ਸਤਿਕਾਰ ਨਾਲ ਬਸਰ ਕਰ ਸਕਣ।
———











