ਪਟਿਆਲਾ 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 02.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।
ਇਸ ਸਬੰਧੀ ਅੱਜ ਕੰਪਿਊਟਰ ਟੀਚਰਜ ਯੂਨੀਅਨ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਸੂਬਾ ਆਗੂ ਬਲਜੀਤ ਸਿੰਘ, ਹਨੀ ਗਰਗ, ਰਣਜੀਤ ਸਿੰਘ ਅਤੇ ਧਿਆਨ ਸਿੰਘ ਦੀ ਅਗਵਾਈ ਵਿੱਚ ਇੱਕ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 4 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 02.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਅੱਜ ਦੀ ਇਸ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਜਿਲ੍ਹਾ ਆਗੂ ਸੁਖਵਿੰਦਰ ਸਿੰਘ , ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ , ਅਰਵਿੰਦ ਕੁਮਾਰ, ਰਜਨੀਸ਼ ਬਾਂਸਲ, ਮਨੋਜ ਕੁਮਾਰ, ਹਰਜੀਤ ਕੌਰ, ਸੀਮਾ ਰਾਣੀ, ਅਮਨਦੀਪ ਕੌਰ , ਰਣਦੀਪ ਸਿੰਘ ਆਦਿ ਹਾਜਰ ਸਨ।












