ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਲੱਗੇ ਵਿਸ਼ੇਸ਼ ਗੁਰਮਤਿ ਕੈਂਪ ’ਚ ਹਜ਼ਾਰਾਂ ਸੰਗਤਾਂ ਅੰਮ੍ਰਿਤ ਛੱਕ ਕੇ ਬਣੀਆਂ ਗੁਰੂ ਵਾਲੀਆਂ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਗੁਰੂ ਵਾਲੇ ਬਣਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਗੁਰਦੁਆਰਾ ਰਕਾਬਗੰਜ ਦੇ ਮੁੱਖ ਦੀਵਾਨ ਹਾਲ ਵਿਚ ਲੱਗੇ ਵਿਸ਼ੇਸ਼ ਗੁਰਮਤਿ ਕੈਂਪ ਵਿਚ ਹਜ਼ਾਰਾਂ ਸੰਗਤਾਂ ਅੰਮ੍ਰਿਤ ਛੱਕ ਕੇ ਗੁਰੂ ਵਾਲੀਆਂ ਬਣ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਪਿਛਲੇ ਲੰਬੇ ਸਮੇਂ ਤੋਂ ਇਹ ਮੁਹਿੰਮ ਚਲਾਈ ਸੀ ਕਿ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ 13 ਅਤੇ 14 ਅਪ੍ਰੈਲ ਦੋ ਦਿਨ ਸੰਗਤਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਵਾਲੀਆਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਛੱਡ ਕੇ ਖਾਲਸਾ ਸਰੂਪ ਹਾਸਲ ਕੀਤਾ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਪੁਰਸ਼, ਔਰਤਾਂ ਤੇ ਬੱਚੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਭਲਕੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ’ਤੇ ਇਹ ਕੈਂਪ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਲਗਾਇਆ ਜਾ ਰਿਹਾ ਹੈ ਤੇ ਆਸ ਹੈ ਕਿ ਅੱਜ ਵਾਂਗੂ ਹੀ ਵੱਡੀ ਗਿਣਤੀ ਵਿਚ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਖਾਲਸਈ ਰੂਪ ਧਾਰਨ ਕਰਨਗੀਆਂ। ਉਹਨਾਂ ਕਿਹਾ ਕਿ 1699 ਦੀ ਵਿਸਾਖੀ ਨੇ ਸਾਹਿਬ ਏ ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਉਸ ਮਗਰੋਂ ਖਾਲਸਾ ਪੰਥ ਨੇ ਸਮੁੱਚੀ ਦੁਨੀਆਂ ਵਿਚ ਆਪਣੀ ਨਿਆਰੀ ਹੀ ਪਛਾਣ ਬਣਾਈ ਹੈ। ਉਹਨਾਂ ਕਿਹਾ ਕਿ ਪੰਜ ਕੱਕਾਰ ਧਾਰਨ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਵਾਲੀ ਇਹ ਦੁਨੀਆਂ ਦੀ ਪਹਿਲੀ ਕੌਮ ਹੈ ਜੋ ਸੰਕਟ ਵੇਲੇ ਹਰ ਮਨੁੱਖ ਦੀ ਮਦਦ ਵਾਸਤੇ ਬਹੁੜਦੀ ਹੈ ਤੇ ਇਹ ਨਹੀਂ ਵੇਖਦੀ ਕਿ ਵਿਅਕਤੀ ਕਿਹੜੇ ਧਰਮ ਤੇ ਕਿਹੜੀ ਜਾਤੀ ਦਾ ਹੈ ਕਿਉਂਕਿ ਗੁਰੂ ਸਾਹਿਬ ਨੇ ਸਾਨੂੰ ਧਰਮ ਤੇ ਜਾਤ-ਪਾਤ ਤੋਂ ਉਪਰ ਉਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਹੁਕਮ ਦਿੱਤਾ ਹੈ।
ਉਹਨਾਂ ਨੇ ਸੰਗਤਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਭਲਕੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਲੱਗਣ ਵਾਲੇ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਅੰਮ੍ਰਿਤ ਛੱਕ ਕੇ ਗੁਰੂ ਵਾਲੀਆਂ ਬਣਨ ਤੇ ਖਾਸ ਤੌਰ ’ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਲੜ ਲਗਾਉਣ। ਇਸ ਮੌਕੇ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।