ਮੋਹਾਲੀ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਬਲਵਿੰਦਰ ਕੌਰ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਚਿੜੀਆਂ ਨੂੰ ਬਾਜ ਬਣਾਉਣ ਭਾਵ ਖਾਲਸਾ ਪੰਥ ਜੀ ਨੂੰ ਸਿਰਜਣ ਦੇ ਪ੍ਰਸੰਗ ਨੂੰ ਬੜੇ ਭਾਵਪੂਰਨ ਅਤੇ ਜੋਸ਼ ਭਰਪੂਰ ਤਰੀਕੇ ਨਾਲ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ । ਭਾਈ ਚਰਨਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ, ਸੰਤ ਬਾਬਾ ਸਵਰਨ ਸਿੰਘ ਜੀ ਲੁਧਿਆਣੇ ਵਾਲੇ, ਬੀਬੀ ਹਰਜਿੰਦਰ ਕੌਰ ਬਟਾਲੇ ਵਾਲੇ, ਭਾਈ ਮਹੀਪਾਲ ਸਿੰਘ ਜੀ ਹਜ਼ੂਰੀ ਰਾਗੀ, ਸ੍ਰੀ ਅਕਾਲ ਤਖਤ ਸਾਹਿਬ ਜੀ, ਭਾਈ ਜਸਵਿੰਦਰ ਸਿੰਘ ਜੀ ਲੁਧਿਆਣੇ ਵਾਲੇ, ਭਾਈ ਨਰਿੰਦਰ ਸਿੰਘ ਜੀ ਸ੍ਰੀ ਫਤਿਹਗੜ੍ਹ ਸਾਹਿਬ ਵਾਲੇ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪੂਰੇ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ । ਇਸ ਦਿਹਾੜੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ । ਕਕਾਰਾਂ ਦੀ ਸੇਵਾ ਹਰ ਵਾਰ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਫਰੀ ਕੀਤੀ ਗਈ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਦੇਣ ਦੀ ਸੇਵਾ ਪ੍ਰਬੰਧਕ ਕਮੇਟੀ ਕੀਤੀ ਗਈ । ਇਸ ਮੌਕੇ ਤੇ ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਇਸ ਮੋਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 21 ਅਪਰੈਲ ਨੂੰ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ ਅਤੇ ਹਰਿਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।












