ਬਾਕਰਪੁਰ ਸਕੂਲ ਵਿੱਚ 9.50 ਲੱਖ ਦੀ ਲਾਗਤ ਨਾਲ ਬਣੇ ਕਮਰੇ ਦਾ ਉਦਘਾਟਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਾਕਰਪੁਰ ਵਿਖੇ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਭਗ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰੇ ਦੇ ਉਦਘਾਟਨ ਮੌਕੇ ਕਹੀ।
ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੂਰਤ ਤੇ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਹੁਣ ਮਾਪੇ ਵੀ ਪ੍ਰਾਈਵੇਟ ਸਕੂਲਾਂ ਦੀ ਥਾਂ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ, ਜੋ ਕਿ ਸਰਕਾਰ ਦੀਆਂ ਨੀਤੀਆਂ ‘ਤੇ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।
ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੀ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਲੱਖਾਂ ਲੋਕ ਰੋਜ਼ਾਨਾ ਲਾਭ ਪ੍ਰਾਪਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਵਾਲੀਆਂ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸਕੂਲਾਂ ਵਿੱਚ ਅਧਿਆਪਕਾਂ ਅਤੇ ਹੋਰ ਲੋੜੀਂਦੇ ਸਟਾਫ ਦੀ ਭਰਤੀ ਕਰਕੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਿੰਡ ਬਾਕਰਪੁਰ ਦੇ ਇਸ ਸਕੂਲ ਦੀ ਇਮਾਰਤ ਨੂੰ ਜਲਦੀ ਹੀ ਰੀ-ਡਿਜ਼ਾਇਨ ਕਰਕੇ ਆਧੁਨਿਕ ਸੁਵਿਧਾਵਾਂ ਨਾਲ ਨਵੀਂ ਇਮਾਰਤ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਸਕੂਲਾਂ ਅਤੇ ਕਾਲਜਾਂ ਦੇ ਦੌਰੇ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਵਾਦ ਕੀਤਾ ਜਾਂਦਾ ਹੈ, ਜਿਸ ਨਾਲ ਸਿੱਖਿਆ ਸੰਸਥਾਵਾਂ ਦੀਆਂ ਲੋੜਾਂ ਨੂੰ ਤੁਰੰਤ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉੱਚ ਸਿੱਖਿਆ ਅਤੇ ਮੁਕਾਬਲੇ ਵਿੱਚ ਅੱਗੇ ਰਹਿਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਗਿੰਨੀ ਦੁੱਗਲ, ਪ੍ਰਿੰਸੀਪਲ ਸੁਨੀਤਾ ਰਾਣੀ, ਡਾ. ਕੁਲਦੀਪ ਸਿੰਘ (ਹਲਕਾ ਕੋਆਰਡੀਨੇਟਰ ਬੀ ਸੀ ਵਿੰਗ), ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਾਕਰਪੁਰ, ਸੁਰਜੀਤ ਸਿੰਘ, ਅਵਤਾਰ ਸਿੰਘ ਮੌਲੀ ਬੈਦਵਾਣ, ਰਾਜਵੀਰ ਕੌਰ ਬਾਲਕ ਪ੍ਰਧਾਨ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਅਵਤਾਰ ਸਿੰਘ ਮਟਰਾ, ਲੱਕੀ ਬਾਕਰਪੁਰ ਅਤੇ ਜਸਪਾਲ ਸਿੰਘ ਮਟੋਰ ਸਮੇਤ ਹੋਰ ਹਾਜ਼ਰ ਸਨ।












