ਨਵੀਂ ਦਿੱਲੀ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਤਖ਼ਤ ਪਟਨਾ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਸੁਮਿਤ ਸਿੰਘ ਕਲਸੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਵੀਂ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ। ਸਰਦਾਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਨੀਤਿਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਤੌਰ ‘ਤੇ ਰਹਿੰਦੇ ਸਿੱਖ ਕੌਮ ਅਤੇ ਤਖ਼ਤ ਪਟਨਾ ਸਾਹਿਬ ਲਈ ਜਿਸ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਹਨ, ਸ਼ਾਇਦ ਕੋਈ ਸਿੱਖ ਮੁੱਖ ਮੰਤਰੀ ਵੀ ਨਾ ਕਰ ਸਕਦਾ ਸੀ, ਜਿਸ ਲਈ ਉਨ੍ਹਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਸਰਦਾਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਨੀਤਿਸ਼ ਕੁਮਾਰ ਜੀ ਰਾਜ ਸਭਾ ਮੈਂਬਰ ਦੇ ਤੌਰ ‘ਤੇ ਵੀ ਸਿੱਖ ਕੌਮ ਅਤੇ ਤਖ਼ਤ ਪਟਨਾ ਸਾਹਿਬ ਵਿੱਚ ਸੰਗਤ ਦੀ ਸੁਵਿਧਾ ਲਈ ਨਵੇਂ ਪ੍ਰੋਜੈਕਟ ਲਿਆ ਕੇ ਵਿਕਾਸ ਨੂੰ ਹੋਰ ਅੱਗੇ ਵਧਾਉਣਗੇ। ਉਨ੍ਹਾਂ ਨੇ ਦੱਸਿਆ ਕਿ ਨੀਤਿਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਅਹੁਦਾ ਮਿਲਿਆ ਹੈ, ਇਸ ਲਈ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹਨ ਅਤੇ ਸੰਗਤ ਦੀ ਸੁਵਿਧਾ ਲਈ ਜੋ ਵੀ ਕੰਮ ਉਨ੍ਹਾਂ ਦੇ ਧਿਆਨ ਵਿੱਚ ਆਏਗਾ, ਪ੍ਰਬੰਧਕ ਉਨ੍ਹਾਂ ਨੂੰ ਦੱਸਣਗੇ ਅਤੇ ਉਹ ਕੰਮ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।












