ਐੱਸ ਏ ਐੱਸ ਨਗਰ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਜੀ ਬਟਾਲਾ ਵਾਲਿਆਂ ਦੇ ਜੱਥੇ ਨੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ।
ਭਾਈ ਨਰਿੰਦਰ ਸਿੰਘ ਜੀ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਜੀ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਈਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦਸਿੱਆ। ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਜੀ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।












