ਚੰਡੀਗੜ੍ਹ, 19 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ ਸੀ। ਜਿਸ ‘ਤੇ ਹੁਣ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਜਿਸ ਤੋਂ ਬਾਅਦ ਹੁਣ ਇਹ ਐਕਟ ਕਾਨੂੰਨ ਬਣ ਗਿਆ ਹੈ। ਇਸ ਦੀ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ..ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ..”
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ 13 ਅਪ੍ਰੈਲ ਨੂੰ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ ਸੀ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਜਵਾਬਦੇਹ ਬਣਾਉਂਦਾ ਹੈ।













