ਨਵੀਂ ਦਿੱਲੀ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 1 ਅਤੇ 2 ਮਈ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕੈਰੀਅਰ ਕੌਂਸਲਿੰਗ ਫੇਅਰ (ਸੀ ਸੀ ਜੀ) ਲਗਾਇਆ ਜਾ ਰਿਹਾ ਹੈ ਜਿਸ ਵਿਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਕੈਰੀਅਰ ਕੌਂਸਲਿੰਗ ਪ੍ਰਦਾਨ ਕੀਤੀ ਜਾਵੇਗੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਫੇਅਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਅਤੇ ਦਿੱਲੀ ਯੂਨੀਵਰਸਿਟੀ ਤੇ ਆਈ ਪੀ ਯੂਨੀਵਰਸਿਟੀ ਦੇ ਵਿਦਿਆਰਥੀ ਭਾਗ ਲੈਣਗੇ। ਉਹਨਾਂਕਿਹਾ ਕਿ ਇਹ ਫੇਅਰ ਆਯੋਜਿਤ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉਹਨਾਂ ਦੀ ਦਿਲਚਸਪੀ ਮੁਤਾਬਕ ਉਹਨਾਂ ਦੇ ਭਵਿੱਖੀ ਜੀਵਨ ਵਾਸਤੇ ਉਹਨਾਂ ਦਾ ਮਾਰਗ ਦਰਸ਼ਨ ਕਰਨਾ ਹੈ। ਉਹਨਾਂ ਕਿਹਾ ਕਿ ਅਕਸਰ ਇਹ ਵੇਖਣ ਨੂੰ ਮਿਲਦਾ ਹੈ ਕਿ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਪਣਾਏ ਜਾਣ ਵਾਲੇ ਕੈਰੀਅਰ ਸਬੰਧੀ ਬਹੁਤੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਉਲਝ ਜਾਂਦੇ ਹਨ ਤੇ ਉਹਨਾਂ ਦਾ ਇਕ-ਇਕ ਜਾਂ ਦੋ-ਦੋ ਸਾਲ ਖਰਾਬ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਹੁਣ ਵੀ ਸਾਡੇ ਕੋਲ ਤਾਜ਼ਾ ਮਾਮਲੇ ਅਜਿਹੇ ਆਏ ਹਨ ਜਿਸ ਵਿਚ ਵਿਦਿਆਰਥੀ ਉਲਝੇ ਹੋਏ ਸਨ ਕਿ ਉਹਨਾਂ ਭਵਿੱਖ ਵਿਚ ਵੀ ਕਰਨਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਹ ਸੀ ਸੀ ਜੀ ਕੈਂਪ ਨਿਯਮਿਤ ਲਗਾ ਕੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੀ ਹੈ ਤੇ ਸਾਡੀ ਮੁਹਿੰਮ ਨੂੰ ਹਮੇਸ਼ਾ ਚੰਗਾ ਹੁੰਗਾਰਾ ਮਿਲਦਾ ਹੈ। ਉਹਨਾਂ ਦੱਸਿਆ ਕਿ ਇਸ ਫੇਅਰ ਵਿਚ ਵੱਖ-ਵੱਖ ਕਾਲਜਾਂ ਤੇ ਵੱਖ-ਵੱਖ ਕੈਰੀਅਰ ਆਪਸ਼ਨਾਂ ਦੇ ਸਟਾਲ ਲੱਗਣਗੇ ਜਿਥੇ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਕਰਵਾ ਕੇ ਇਸ ਫੇਅਰ ਦਾ ਲਾਭ ਲੈ ਸਕਦੇ ਹਨ।












