ਗੁ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਪੰਜਾਬ

ਐੱਸ.ਏ.ਐੱਸ. ਨਗਰ 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਜੀ ਦੇ ਪੰਥਕ ਢਾਡੀ ਜੱਥੇ ਨੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ, 12 ਸਾਲ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਪੌੜੀਆਂ ਵਾਲੀ ਬਾਉਲੀ ਸਾਹਿਬ ਬਣਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ । ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀਂ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੁਆਰਾ ਉਚਾਰਨ ਕੀਤੀ ਧੁੱਰ ਕੀ ਬਾਣੀ ਦੇ 17 ਰਾਗਾਂ ਵਿੱਚ 907 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ, ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਜਤਿੰਦਰ ਸਿਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਸਾਹਿਬ ਵੱਲੋਂ ਹਿੰਦੂ ਧਰਮ ਵਿੱਚ ਚੱਲਦੀ ਸਮਾਜਿਕ ਕੁੱਰੀਤੀ ਸੱਤੀ ਪ੍ਰਥਾ ਨੂੰ ਬੰਦ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ। ਭਾਈ ਅਮਰਜੀਤ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਤੇਜਿੰਦਰ ਸਿੰਘ, ਬੀਬੀ ਸੁਖਮਨ ਕੌਰ ਜੀ, ਭਾਈ ਮੱਸਾ ਸਿੰਘ, ਬੀਬੀ ਗੁਰਲੀਨ ਕੌਰ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਖਵਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।