ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ

ਪੰਜਾਬ

ਸੰਗਰੂਰ 2 ਮਈ ,ਬੋਲੇ ਪੰਜਾਬ ਬਿਊਰੋ;

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ। ਇਸ ਦੌਰਾਨ ਕਈਆਂ ਦੇ ਕੱਪੜੇ ਫੱਟ ਗਏ ਅਤੇ ਬੇਅੰਤ ਕੌਰ ਬੇਹੋਸ਼ ਹੋ ਗਈ। ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਬੇਰੁਜ਼ਗਾਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ। ਸਿਖ਼ਰ ਦੁਪਹਿਰੇ ਦੋ ਵਾਰ ਮਾਹੌਲ ਤਣਾਅਪੂਰਨ ਹੋ ਗਿਆ।ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਪਾਰਕ ’ਚ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦੇ ਹੋਏ ਜਿਵੇਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਨਾਕਾਬੰਦੀ ਕਰ ਕੇ ਪੁਲੀਸ ਨੇ ਰੋਕ ਲਿਆ। ਬੇਰੁਜ਼ਗਾਰਾਂ ਵੱਲੋਂ ਅੱਗੇ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋ ਗਈ। ਰੋਹ ਵਿਚ ਆਏ ਬੇਰੁਜ਼ਗਾਰਾਂ ਨੇ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਜਾਵੇ। ਲੰਮੀ ਉਡੀਕ ਤੋਂ ਬਾਅਦ ਜਦੋਂ ਮੀਟਿੰਗ ਤੈਅ ਨਾ ਹੋਈ ਤਾਂ ਮੁੜ ਬੇਰੁਜ਼ਗਾਰਾਂ ਨੇ ਅੱਗੇ ਵਧਣ ਦਾ ਯਤਨ ਕੀਤਾ ਅਤੇ ਪੁਲੀਸ ਨਾਲ ਮੁੜ ਖਿੱਚ-ਧੂਹ ਹੋ ਗਈ।

ਵਿੱਤ ਮੰਤਰੀ ਦੀ ਕੋਠੀ ਅੱਗੇ ਗਰਜੇ ਠੇਕਾ ਮੁਲਾਜ਼ਮ

ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਹੇਠ ਇੱਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਨੇੜੇ ਆਵਾਜਾਈ ਠੱਪ ਕਰ ਕੇ ਸੂਬਾ ਪੱਧਰੀ ਧਰਨਾ ਦਿੱਤਾ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਰਿਵਾਰਾਂ ਅਤੇ ਬੱਚਿਆਂ ਸਣੇ ਪੁੱਜੇ ਮੁਲਾਜ਼ਮਾਂ ਨੇ ਅੱਜ ਮਜ਼ਦੂਰ ਦਿਵਸ ਮੌਕੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ। ਧਰਨੇ ਨੂੰ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ‘ਆਪ’ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਲਾਰਿਆਂ ਵਿੱਚ ਸਮਾਂ ਲੰਘਾ ਰਹੀ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ 6 ਮਈ ਦੀ ਪੈਨਲ ਮੀਟਿੰਗ ਨਿਸ਼ਚਿਤ ਕਰਵਾਈ, ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।