ਕਾਂਗਰਸੀ ਆਗੂ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ

ਪੰਜਾਬ

ਅੰਮ੍ਰਿਤਸਰ, 10 ਮਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਅੰਦਰ ਲਗਾਤਾਰ ਬੰਬ ਧਮਾਕਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਲੰਧਰ ਅਤੇ ਅੰਮ੍ਰਿਤਸਰ ਵਿਖੇ ਹੋਏ ਧਮਾਕਿਆਂ ਦੀ ਤਾਂ ਹਾਲੇ ਜਾਂਚ ਹੀ ਚੱਲ ਰਹੀ ਸੀ ਕਿ ਅੰਮ੍ਰਿਤਸਰ ਤੋਂ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਅੰਮ੍ਰਿਤਸਰ ਵਿੱਚ ਇੱਕ ਕਾਂਗਰਸੀ (Congress) ਆਗੂ ਅਤੇ ਮੌਜੂਦਾ ਸਰਪੰਚ ਦੇ ਘਰ ਉੱਪਰ ਪੈਟਰੋਲ ਬੰਬ ਸੁੱਟੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਰਿਪੋਰਟਾਂ ਦੇ ਮੁਤਾਬਿਕ, ਅੰਮ੍ਰਿਤਸਰ ਦੇ ਕਸਬਾ ਰਾਮਦਾਸ ਦੇ ਅਧੀਨ ਆਉਂਦੇ ਪਿੰਡ ਸੁਧਾਰ ਵਿੱਚ ਸ਼ਨੀਵਾਰ ਦੇਰ ਰਾਤ ਕਰੀਬ 11:30 ਵਜੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਾਂਗਰਸੀ ਆਗੂ ਅਤੇ ਮੌਜੂਦਾ ਸਰਪੰਚ ਨਿਸ਼ਾਨ ਸਿੰਘ ਦੇ ਘਰ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ।ਜਾਣਕਾਰੀ ਅਨੁਸਾਰ ਸਰਪੰਚ ਦੇ ਘਰ ਦੇ ਬਾਹਰ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਅਤੇ ਗੁਆਂਢੀ ਬਾਹਰ ਆ ਗਏ।

ਘਰ ਦੇ ਮੁੱਖ ਗੇਟ ਕੋਲ ਅੱਗ ਲੱਗ ਚੁੱਕੀ ਸੀ, ਜਿਸ ਨੂੰ ਲੋਕਾਂ ਨੇ ਇਕੱਠੇ ਹੋ ਕੇ ਬੁਝਾਇਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਰਪੰਚ ਨਿਸ਼ਾਨ ਸਿੰਘ ਨੂੰ ਪਿਛਲੇ ਦੋ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਫੋਨ ਕਾਲਾਂ ਆ ਰਹੀਆਂ ਸਨ।ਗੈਂਗਸਟਰਾਂ ਨੇ ਸਰਪੰਚ ਕੋਲੋਂ 50 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਪਰਿਵਾਰ ਅਨੁਸਾਰ ਉਨ੍ਹਾਂ ਨੇ ਇਸ ਸਬੰਧੀ ਪਹਿਲਾਂ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਐਸ.ਐਸ.ਪੀ. ਸੁਹੈਲ ਮੀਰ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।