ਨਵੀਂ ਦਿੱਲੀ, 11 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):
ਦਿੱਲੀ ਦੀ ਪੰਥਕ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਰਦਾਰ ਸਵਿੰਦਰ ਸਿੰਘ ਕੋਹਲੀ ਅਤੇ ਸਰਦਾਰ ਹਰਜਿੰਦਰ ਸਿੰਘ ਸੰਨੀ ਦੀ ਪ੍ਰੇਰਣਾ ਸਦਕਾ ਵਾਰਡ ਨੰਬਰ 8 ਰਾਣੀ ਬਾਗ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅੱਜ ਦਿੱਲੀ ਦੀਆਂ ਸੰਗਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨ ਲਈ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਖ਼ਾਸ ਤੌਰ ’ਤੇ ਨੌਜਵਾਨ ਵਰਗ ਪਾਰਟੀ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਅੱਜ ਸਰਦਾਰ ਕੋਹਲੀ ਦੀ ਪ੍ਰੇਰਣਾ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ ਹਨ, ਉਸ ਤੋਂ ਸਪੱਸ਼ਟ ਹੈ ਕਿ ਦਿੱਲੀ ਦੀ ਸੰਗਤ ਸਾਡੀ ਟੀਮ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਸਿਰਫ਼ ਗੁਰਦੁਆਰਾ ਪ੍ਰਬੰਧਾਂ ਤੱਕ ਹੀ ਸੀਮਿਤ ਨਹੀਂ, ਸਗੋਂ ਮੈਡੀਕਲ ਅਤੇ ਸਿਹਤ ਸੇਵਾਵਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨੌਜਵਾਨ ਵਰਗ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਅਸੀਂ ਹਰ ਰੋਜ਼ ਸਿਹਤ ਸੇਵਾਵਾਂ ਦੇ ਖੇਤਰ ਦਾ ਵਿਸਥਾਰ ਕਰ ਰਹੇ ਹਾਂ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਲਈ ਟੀਮ ਨੇ ਸਰਕਾਰਾਂ ਨਾਲ ਮਿਲ ਕੇ ਕਾਨੂੰਨ ਵਿੱਚ ਸੋਧ ਕਰਵਾਈ। ਪਹਿਲੀ ਵਾਰ ਅਜਿਹਾ ਹੋਇਆ ਕਿ ਸਿੱਖਿਆ ਦੀ ਸ਼ਰਤ ਖਤਮ ਕਰਵਾ ਕੇ ਵੀ ਨੌਕਰੀਆਂ ਦਿਵਾਈਆਂ ਗਈਆਂ, ਜਿਸ ਦੀ ਸੇਵਾ ਸੰਗਤਾਂ ਨੇ ਖੁਦ ਵੇਖੀ ਹੈ। ਇਸ ਮੌਕੇ ਸਰਦਾਰ ਕੋਹਲੀ ਅਤੇ ਹਰਜਿੰਦਰ ਸਿੰਘ ਸੰਨੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਹਨ, ਜਿਸ ਨਾਲ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਉਨ੍ਹਾਂ ਸਰਦਾਰ ਕੋਹਲੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਸ਼ਮਸ਼ੇਰ ਸਿੰਘ ਸੰਧੂ, ਦਿੱਲੀ ਇਕਾਈ ਦੇ ਪ੍ਰਧਾਨ ਐਮ.ਪੀ.ਐਸ. ਚੱਢਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ., ਮੈਂਬਰ ਭੁਪਿੰਦਰ ਸਿੰਘ ਭੁੱਲਰ, ਕੁਲਤਾਰਨ ਸਿੰਘ, ਸੁਖਵਿੰਦਰ ਸਿੰਘ ਬੱਬਰ, ਨੌਜਵਾਨ ਜਸਪ੍ਰੀਤ ਸਿੰਘ ਵਿੱਕੀ ਮਾਨ, ਬਲਜਿੰਦਰ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਅੰਮ੍ਰਿਤਪਾਲ ਸਿੰਘ ਵਿੱਕੀ ਪਾਲਕੋ ਅਤੇ ਸਾਬਕਾ ਮੈਂਬਰ ਸਮਰਦੀਪ ਸਿੰਘ ਸੰਨੀ ਹਾਜ਼ਰ ਸਨ।












