ਚੰਡੀਗੜ੍ਹ, 1 ਜੂਨ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਇਕ ਵਾਰ ਫਿਰ ਅਹਿਮ ਫ਼ੈਸਲਿਆਂ ਲਈ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਦੁਪਹਿਰ 12 ਵਜੇ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਜੋ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।
ਇਹ ਮੀਟਿੰਗ ਬੀਤੇ ਦਿਨ ਹੋਈ ਕੈਬਨਿਟ ਮੀਟਿੰਗ ਤੋਂ ਸਿਰਫ਼ ਇੱਕ ਦਿਨ ਬਾਅਦ ਹੀ ਬੁਲਾਈ ਗਈ ਹੈ। ਹਾਲਾਂਕਿ ਬੈਠਕ ਦਾ ਅਧਿਕਾਰਕ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ, ਪਰ ਸਰਕਾਰੀ ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ’ਤੇ ਫ਼ੈਸਲੇ ਲਏ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਹੋਈ ਕੈਬਨਿਟ ਬੈਠਕ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਸਮੇਤ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਹੁਣ ਅੱਜ ਸੱਦੀ ਗਈ ਕੈਬਨਿਟ ਮੀਟਿੰਗ ਨੇ ਸਿਆਸੀ ਅਤੇ ਪ੍ਰਸ਼ਾਸਕੀ ਹਲਕਿਆਂ ਵਿੱਚ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ। ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫ਼ੈਸਲਿਆਂ ’ਤੇ ਟਿਕੀਆਂ ਹੋਈਆਂ ਹਨ।












