ਸ੍ਰੀ ਮੁਕਤਸਰ ਸਾਹਿਬ 4 ਜੂਨ ,ਬੋਲੇ ਪੰਜਾਬ ਬਿਊਰੋ;
ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਪੁਲਿਸ ਸਟੇਸ਼ਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓਐਸਡੀ ਗੁਰਵਿੰਦਰ ਸਿੰਘ ਵਣਵਾਲਾ ਸਮੇਤ ਚਾਰ ਅਕਾਲੀ ਆਗੂਆਂ ਅਤੇ 20-25 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਨਗਰ ਕੌਂਸਲ ਚੋਣਾਂ ਵਾਲੇ ਦਿਨ 26 ਮਈ ਨੂੰ ‘ਆਪ’ ਅਤੇ ਅਕਾਲੀ ਦਲ ਸਮਰਥਕਾਂ ਵਿਚਕਾਰ ਹੋਈ ਝੜਪ ਤੋਂ ਇੱਕ ਹਫ਼ਤੇ ਬਾਅਦ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਗਿੱਦੜਬਾਹਾ ‘ਆਪ’ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪੀਐਸਓ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕੀਤੀ। ਇਸ ਦੌਰਾਨ, ਸਾਬਕਾ ਅਕਾਲੀ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਇਸ ਕਾਰਵਾਈ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ‘ਆਪ’ ਵਰਕਰਾਂ ਨੇ ਵੋਟਾਂ ਵਾਲੇ ਦਿਨ ਅਕਾਲੀ ਦਲ ਵਰਕਰਾਂ ‘ਤੇ ਹਮਲਾ ਕੀਤਾ। ਅਕਾਲੀ ਦਲ ਨੇ ਵੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਪਰ ਸਰਕਾਰ ਦੇ ਇਸ਼ਾਰੇ ‘ਤੇ ਉਨ੍ਹਾਂ ਦੇ ਆਗੂਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।











