ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ‘ਤੇ ਕੀਤੇ ਪੁਲਿਸੀਆ ਤਸ਼ੱਦਦ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਖਤ ਨਿਖੇਧੀ

ਪੰਜਾਬ

ਫ਼ਿਰੋਜ਼ਪੁਰ, 5 ਜੂਨ ,ਬੋਲੇ ਪੰਜਾਬ ਬਿਊਰੋ;

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਡਾ. ਦਰਸ਼ਨਪਾਲ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਲੋਕਾਂ ਦੇ ਸੰਘਰਸ਼ਾਂ ਵਿੱਚੋਂ ਨਿਕਲੀ ਮੌਜੂਦਾ ਪੰਜਾਬ ਸਰਕਾਰ ਅੱਜ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਪੁਲਿਸ ਜਬਰ ਰਾਹੀਂ ਦਬਾਉਣ ਦੇ ਰਾਹ ‘ਤੇ ਚੱਲ ਰਹੀ ਹੈ।

ਆਗੂਆਂ ਨੇ ਕਿਹਾ ਕਿ ਪਟਿਆਲਾ ਵਿਖੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਬੇਰੁਜ਼ਗਾਰ ਸਹਾਇਕ ਲਾਈਨਮੈਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਬਿਨਾਂ ਕਿਸੇ ਗੱਲਬਾਤ ਦੇ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਕਈ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਪੰਜਾਬ ਪੁਲਿਸ ਨੇ ਜਨਰਲ ਡਾਇਰ ਦਾ ਰੂਪ ਧਾਰਨ ਕਰ ਲਿਆ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਨਾਲ ਅਜਿਹਾ ਵਤੀਰਾ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਇਹ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਬੇਨਕਾਬ ਕਰਦਾ ਹੈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ, ਠੇਕਾ ਕਰਮਚਾਰੀ, ਬੇਰੁਜ਼ਗਾਰ ਨੌਜਵਾਨ, ਕਿਸਾਨ ਅਤੇ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਪੁਲਿਸ ਅਤੇ ਪ੍ਰਸ਼ਾਸਨ ਦੇ ਜ਼ਰੀਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਰੁਝਾਨ ਲੋਕਤੰਤਰ ਲਈ ਖ਼ਤਰਨਾਕ ਹੈ ਅਤੇ ਇਸ ਨਾਲ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਉੱਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਤੁਰੰਤ ਪਰਚੇ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀ ਹੋਏ ਨੌਜਵਾਨਾਂ ਦਾ ਸਰਕਾਰੀ ਖ਼ਰਚੇ ‘ਤੇ ਇਲਾਜ ਕਰਵਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਉੱਤੇ ਕੀਤੇ ਗਏ ਜਬਰ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਅਤੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਹੋਰ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।