ਮੋਹਾਲੀ, 13 ਜੂਨ ,ਬੋਲੇ ਪੰਜਾਬ ਬਿਊਰੋ;
ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41 ਦੀ ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਦੇ ਲੋਕਾਂ ਨੂੰ ਜਲਦ ਤੋਂ ਜਲਦ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਅੱਜ ਮੋਹਾਲੀ ਦੀ ਜਨਤਾ ਦੀ ਪੁਕਾਰ ਹੈ – “ਪੀਣ ਵਾਲਾ ਨਹਿਰੀ ਪਾਣੀ ਦੇ ਦਿਓ ਭਗਵੰਤ ਮਾਨ ਸਰਕਾਰ।”
ਉਨ੍ਹਾਂ ਕਿਹਾ ਕਿ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਲੋਕ ਅਜੇ ਵੀ ਭੂ-ਜਲ ਅਤੇ ਟਿਊਬਵੈੱਲਾਂ ਉੱਤੇ ਨਿਰਭਰ ਹਨ, ਜਿਸ ਕਾਰਨ ਪਾਣੀ ਦੀ ਗੁਣਵੱਤਾ ਅਤੇ ਉਪਲਬਧਤਾ ਨੂੰ ਲੈ ਕੇ ਚਿੰਤਾਵਾਂ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਤੇ ਨਗਰ ਨਿਗਮ ਨੂੰ ਨਹਿਰੀ ਪਾਣੀ ਦੀ ਸਪਲਾਈ ਨੂੰ ਵਧਾਉਣ ਲਈ ਬਣਾਈਆਂ ਗਈਆਂ ਯੋਜਨਾਵਾਂ ਅਤੇ ਪ੍ਰਾਜੈਕਟਾਂ ਨੂੰ ਤਰਜੀਹ ਦੇ ਕੇ ਜਲਦ ਤੋਂ ਜਲਦ ਪੂਰਾ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਸੰਭਾਲਕੀ, ਨਾਨੂ ਮਾਜਰਾ, ਵੇਵ ਐਸਟੇਟ ਸੈਕਟਰ-85, ਪ੍ਰੀਤ ਸਿਟੀ ਸੈਕਟਰ-86 ਅਤੇ ਸੈਕਟਰ-88 ਸਮੇਤ ਸਮੂਹ ਮੋਹਾਲੀ ਵਾਸੀਆਂ ਨੂੰ ਸਾਫ਼-ਸੁਥਰੇ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਮਿਲਣਾ ਉਨ੍ਹਾਂ ਦਾ ਹੱਕ ਹੈ। ਪੰਜਾਬ ਸਰਕਾਰ ਨੂੰ ਲੋਕਾਂ ਦੀ ਸਿਹਤ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁੱਦੇ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਉੱਭਾ ਨੇ ਕਿਹਾ ਕਿ ਭਾਜਪਾ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਅਤੇ ਹੱਕਾਂ ਲਈ ਲਗਾਤਾਰ ਆਵਾਜ਼ ਉਠਾਉਂਦੀ ਰਹੇਗੀ ਅਤੇ ਮੋਹਾਲੀ ਦੇ ਹਰ ਨਾਗਰਿਕ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ।












