ਚੰਡੀਗੜ੍ਹ 16 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਸੀ ਅਤੇ ਡੀ ਸ੍ਰੇਣੀ ਦੀਆਂ ਅਸਾਮੀਆਂ ਉੱਤੇ ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਘੇਰੇ ਤੋਂ ਬਾਹਰ ਤੈਨਾਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ੍ਰੇਣੀਆਂ ਦਾ ਹਰ ਕਰਮਚਾਰੀ ਛੁੱਟੀ ਹੋਣ ਤੋਂ ਇੱਕ ਘੰਟੇ ਬਾਅਦ ਆਪਣੇ ਪਰਿਵਾਰ ਵਿੱਚ ਸ਼ਾਮਿਲ ਹੋਵੇ ਅਜਿਹਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਯੋਜਨਾ ਪੰਜਾਬ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਐਲਾਨ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼੍ਰੇਣੀਆਂ ਵਿੱਚ ਅਧਿਆਪਕ, ਸਿਹਤ ਕਰਮਚਾਰੀ, ਪੁਲੀਸ ਵਿਭਾਗ ਦੇ ਕਰਮਚਾਰੀ ਅਤੇ ਸੀ ਅਤੇ ਡੀ ਗਰੇਡ ਦੇ ਵੱਖ-ਵੱਖ ਵਿਭਾਗਾਂ ਦੇ ਹੋਰ ਕਰਮਚਾਰੀ ਸ਼ਾਮਿਲ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਅਣਵਿਆਹੀਆਂ ਲੜਕੀਆਂ ਨੂੰ ਉਨ੍ਹਾਂ ਦੇ ਘਰ ਤੋਂ 40 ਕਿਲੋਮੀਟਰ ਦੇ ਅੰਦਰ ਘੇਰੇ ਵਿੱਚ ਜਿਹੜਾ ਕਿ ਘੱਟ ਤੋਂ ਘੱਟ ਪੰਜ ਤੋਂ 10 ਕਿਲੋਮੀਟਰ ਵੀ ਹੋ ਸਕਦਾ ਹੈ ਨੌਕਰੀ ’ਤੇ ਤੈਨਾਤ ਕੀਤਾ ਜਾਵੇਗਾ। ਵਿਆਹੀਆਂ ਹੋਈਆਂ ਲੜਕੀਆਂ ਨੂੰ ਉਨ੍ਹਾਂ ਦੇ ਸਹੁਰੇ ਘਰਾਂ ਤੋਂ 40 ਕਿਲੋਮੀਟਰ ਉੱਤੇ ਅੰਦਰ ਅੰਦਰ ਨੌਕਰੀ ਤੇ ਨਿਯੁਕਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿੰਨ ਸਾਲ ਦਾ ਪ੍ਰੋਬੀਸ਼ਨਲ ਪੀਰੀਅਡ ਸਮਾਪਤ ਹੋਣ ਤੋਂ ਬਾਅਦ ਕਰਮਚਾਰੀ ਇਸ ਸਕੀਮ ਦਾ ਲਾਭ ਲੈ ਸਕਣਗੇ।
ਮੁੱਖ ਮੰਤਰੀ ਅੱਜ ਮੁਹਾਲੀ ਦੇ ਫੇਜ਼ ਅੱਠ ਦੇ ਵਿਕਾਸ ਭਵਨ ਵਿਖੇ ਸਿਹਤ ਵਿਭਾਗ ਦੀਆਂ ਵੱਖ ਵੱਖ ਅਸਾਮੀਆਂ ਲਈ ਚੁਣੇ ਗਏ 523 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ।











