ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਦਕਿ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ, ਧੀਰਜ ਅਤੇ ਸੱਚ ਦੇ ਮਾਰਗ ਉੱਤੇ ਅਡਿੱਗ ਰਹਿਣ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸੰਪਾਦਿਤ ਆਦਿ ਗ੍ਰੰਥ ਸਿੱਖ ਪੰਥ ਲਈ ਅਨਮੋਲ ਦਾਤ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆ ਅਨੁਸਾਰ ਜੀਵਨ ਬਤੀਤ ਕਰਨਾ ਹੀ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਸੰਗਤ ਨੂੰ ਆਪਣੇ ਘਰਾਂ ਵਿਚ ਸਹਿਜ ਪਾਠਾਂ ਦੀ ਲੜੀ ਜਾਰੀ ਰੱਖਣ ਅਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਗਾਏ ਜਾ ਰਹੇ ਗੁਰਮਤਿ ਕੈਂਪਾਂ ਵਿਚ ਇਸ ਸਾਲ ਕਰੀਬ 20 ਹਜ਼ਾਰ ਬੱਚੇ ਗੁਰਮਤਿ ਦੀ ਸਿੱਖਿਆ ਹਾਸਲ ਕਰ ਰਹੇ ਹਨ। ਇਸ ਤੋਂ ਇਲਾਵਾ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ 20 ਜੂਨ ਨੂੰ ਉਨ੍ਹਾਂ ਦੀ ਯਾਦ ਵਿਚ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿੱਤਾ ਗਿਆ ਸਰਬੱਤ ਦੇ ਭਲੇ ਅਤੇ ਸਮਾਨਤਾ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਰਾਹ ਦਿਖਾਉਣ ਵਾਲਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਅੰਗ ਬਣਾ ਕੇ ਸਮਾਜ ਵਿਚ ਪਿਆਰ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।












