ਨਵੀਂ ਦਿੱਲੀ, 19 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਉੱਤਰਾਖੰਡ ਵਿੱਚ ਸਿੱਖ ਸ਼ਰਧਾਲੂਆਂ ਨਾਲ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ ਕਮੇਟੀ ਇੱਕ ਉੱਚ ਪੱਧਰੀ ਵਫ਼ਦ ਉੱਥੇ ਭੇਜੇਗੀ। ਆਗੂਆਂ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ’ਤੇ ਹਮਲੇ ਅਤੇ ਪੁਲਿਸ ਦੇ ਕਥਿਤ ਤਸ਼ੱਦਦ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸਥਾਨਕ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਿਹਾ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜਪਾਲ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੇਗਾ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੁਰੂ ਘਰ ਦੀ ਯਾਤਰਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਰੋਕਿਆ ਨਹੀਂ ਜਾ ਸਕਦਾ, ਅਤੇ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।












