ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਅਤੇ ਪੰਥਕ ਮੁੱਦਿਆਂ ’ਤੇ ਹੋਈ ਗੰਭੀਰ ਵਿਚਾਰ-ਚਰਚਾ
ਮੋਹਾਲੀ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲੜ ਚੁੱਕੇ ਆਗੂ ਭਾਈ ਜਤਿੰਦਰ ਪਾਲ ਸਿੰਘ ਨੇ ਮੁੱਖ ਮੰਤਰੀ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ
ਮੋਹਾਲੀ, 19 ਜੂਨ ,ਬੋਲੇ ਪੰਜਾਬ ਬਿਊਰੋ;
ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮੋਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜ ਚੁੱਕੇ ਪ੍ਰਮੁੱਖ ਪੰਥਕ ਆਗੂ ਭਾਈ ਜਤਿੰਦਰ ਪਾਲ ਸਿੰਘ (ਜੇ.ਪੀ.) ਨੇ ਅੱਜ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਾਇਰਲ ਵੀਡੀਓ ਰਾਹੀਂ ਗੁਰੂ ਸਾਹਿਬ ਦੀ ਹੋਈ ਘੋਰ ਬੇਅਦਬੀ ਅਤੇ ਸਰਵਉੱਚ ਸਿੱਖ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਹੁਕਮਨਾਮੇ ਦੇ ਗੰਭੀਰ ਮੁੱਦੇ ’ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ।
ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰ ਪਾਲ ਸਿੰਘ (ਜੇ.ਪੀ.) ਨੇ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜੋ ਵੀਡੀਓ ਸਾਹਮਣੇ ਆਈ ਹੈ, ਉਸ ਨੇ ਦੁਨੀਆ ਭਰ ਵਿੱਚ ਬੈਠੀਆਂ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਇੱਕ ਜ਼ਿੰਮੇਵਾਰ ਅਹੁਦੇ ‘ਤੇ ਬੈਠੇ ਵਿਅਕਤੀ ਵੱਲੋਂ ਗੁਰੂ ਸਾਹਿਬ ਦੀ ਸ਼ਾਨ ਵਿੱਚ ਅਜਿਹੀ ਬੇਅਦਬੀ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਉੱਥੋਂ ਮੁੱਖ ਮੰਤਰੀ ਦਾ ਸਮਾਜਿਕ ਬਾਈਕਾਟ ਕਰਨ ਦਾ ਜੋ ਹੁਕਮਨਾਮਾ ਜਾਰੀ ਹੋਇਆ ਹੈ, ਉਹ ਹਰ ਸਿੱਖ ਲਈ ਸਿਰਮੌਰ ਹੈ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਨੂੰ ਇਸ ਦੀ ਪੂਰਨ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਹੋਈ ਚਰਚਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਹਮੇਸ਼ਾ ਪੰਥਕ ਰਵਾਇਤਾਂ ਅਤੇ ਗੁਰੂ ਸਾਹਿਬ ਦੇ ਸਤਿਕਾਰ ਲਈ ਪਹਿਰਾ ਦਿੰਦਾ ਆਇਆ ਹੈ। ਅੱਜ ਪੰਜਾਬ ਦੀ ਸੱਤਾ ‘ਤੇ ਕਾਬਜ਼ ਲੋਕ ਨਾ ਸਿਰਫ਼ ਸੂਬੇ ਨੂੰ ਆਰਥਿਕ ਅਤੇ ਕਾਨੂੰਨ ਵਿਵਸਥਾ ਦੇ ਪੱਖੋਂ ਤਬਾਹ ਕਰ ਰਹੇ ਹਨ, ਬਲਕਿ ਸਿੱਖ ਭਾਵਨਾਵਾਂ ਨੂੰ ਵੀ ਲਗਾਤਾਰ ਠੇਸ ਪਹੁੰਚਾ ਰਹੇ ਹਨ।
ਭਾਈ ਜਤਿੰਦਰ ਪਾਲ ਸਿੰਘ ਨੇ ਮੋਹਾਲੀ ਹਲਕੇ ਸਮੇਤ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੰਥ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਤੇ ਪੰਥਕ ਸੋਚ ‘ਤੇ ਪਹਿਰਾ ਦੇਣ ਲਈ ਸ਼ਿਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ। ਉਨ੍ਹਾਂ ਅਹਿਦ ਲਿਆ ਕਿ ਉਹ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ ਧਾਰਮਿਕ ਰਵਾਇਤਾਂ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਦੀ ਰਾਖੀ ਲਈ ਮੋਹਰੀ ਹੋ ਕੇ ਡਟਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਪਾਰਟੀ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।












