ਹੇਮਕੁੰਟ ਸਾਹਿਬ ਤੋਂ ਪਰਤਦੇ ਨਿਹੰਗ ਸਿੰਘਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ, ਬੇਕਸੂਰ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ : ਸ਼੍ਰੋਮਣੀ ਰਾਗੀ ਸਭਾ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 20 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਬੀਤੇ ਦਿਨੀਂ ਸ੍ਰੀ ਹੇਮਕੁੰਟ ਸਾਹਿਬ ਦੇ ਪਾਵਨ ਦਰਸ਼ਨ ਕਰਕੇ ਵਾਪਸ ਪਰਤ ਰਹੇ ਨਿਹੰਗ ਸਿੰਘ ਵੀਰਾਂ ਨਾਲ ਕਰਨਪ੍ਰਯਾਗ ਵਿਖੇ ਕੁਝ ਅਸਮਾਜਿਕ ਅਨਸਰਾਂ ਵੱਲੋਂ ਕਥਿਤ ਤੌਰ ‘ਤੇ ਜਾਣਬੁੱਝ ਕੇ ਵਾਦ-ਵਿਵਾਦ ਖੜ੍ਹਾ ਕਰਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਤਾਂ ਦੀ ਗੰਭੀਰਤਾ ਅਤੇ ਸਵੈ-ਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਹੰਗ ਸਿੰਘ ਵੀਰਾਂ ਨੂੰ ਸ਼ਸਤਰ ਵਰਤਣ ਲਈ ਮਜਬੂਰ ਹੋਣਾ ਪਿਆ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਜ਼ਫ਼ਰਨਾਮੇ ਵਿੱਚ ਫਰਮਾਇਆ ਹੈ, “ਚੁ ਕਾਰ ਅਜ਼ ਹਮਾ ਹੀਲਤੇ ਦਰ ਗੁਜ਼ਸ਼ਤ, ਹਲਾਲ ਅਸਤ ਬੁਰਦਨ ਬ ਸ਼ਮਸ਼ੀਰ ਦਸਤ”, ਭਾਵ ਜਦੋਂ ਸਾਰੇ ਸ਼ਾਂਤੀਪੂਰਨ ਉਪਰਾਲੇ ਅਸਫਲ ਹੋ ਜਾਣ ਤਾਂ ਸ਼ਸਤਰ ਚੁੱਕਣਾ ਧਰਮ ਅਨੁਸਾਰ ਜਾਇਜ਼ ਹੈ। ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਮਾਮਲਾ ਸੁਲਝਾਉਣ ਦਾ ਭਰੋਸਾ ਦੇਣ ਦੇ ਬਾਵਜੂਦ ਨਿਹੰਗ ਸਿੰਘ ਵੀਰਾਂ ਨਾਲ ਕਥਿਤ ਤੌਰ ‘ਤੇ ਅਮਾਨਵੀ ਵਿਵਹਾਰ ਕੀਤਾ ਗਿਆ ਅਤੇ ਉਨ੍ਹਾਂ ਉੱਤੇ ਗੰਭੀਰ ਧਾਰਾਵਾਂ ਲਗਾ ਕੇ ਜੇਲ੍ਹ ਭੇਜ ਦਿੱਤਾ ਗਿਆ। ਸ਼੍ਰੋਮਣੀ ਰਾਗੀ ਸਭਾ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੀ ਅਗਵਾਈ ਹੇਠ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ ਅਤੇ ਭਾਈ ਕਰਨੈਲ ਸਿੰਘ ਸਮੇਤ ਸਮੂਹ ਰਾਗੀ ਸਾਹਿਬਾਨ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਉੱਤਰਾਖੰਡ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਕਸੂਰ ਨਿਹੰਗ ਸਿੰਘ ਵੀਰਾਂ ਨੂੰ ਤੁਰੰਤ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਕੀਤਾ ਜਾਵੇ, ਉਨ੍ਹਾਂ ਦਾ ਯੋਗ ਇਲਾਜ ਕਰਵਾਇਆ ਜਾਵੇ ਅਤੇ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਧਾਰਮਿਕ ਆਜ਼ਾਦੀ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਵੀਡੀਓਜ਼ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਨਿਹੰਗ ਸਿੰਘ ਵੀਰਾਂ ਨੇ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਦੇ ਕਈ ਯਤਨ ਕੀਤੇ ਸਨ, ਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਨੂੰ ਭੜਕਾਉਣ ਕਾਰਨ ਸਥਿਤੀ ਵਿਗੜੀ। ਇਸ ਲਈ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣੀ ਅਤੇ ਬੇਕਸੂਰਾਂ ਨੂੰ ਇਨਸਾਫ਼ ਦਿਵਾਉਣਾ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਸਮੂਹ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਫੈਡਰੇਸ਼ਨਾਂ, ਦਲ ਪੰਥ ਅਤੇ ਪੰਥ ਦਰਦੀਆਂ ਨੂੰ ਇਸ ਮਾਮਲੇ ਵਿੱਚ ਅੱਗੇ ਆਉਣ ਦੀ ਲੋੜ ਹੈ ਤਾਂ ਜੋ ਬੇਕਸੂਰ ਨਿਹੰਗ ਸਿੰਘ ਵੀਰਾਂ ਨੂੰ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਕਿਸੇ ਵੀ ਸਿੱਖ ਯਾਤਰੀ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਰਨ ਦੀ ਕਿਸੇ ਨੂੰ ਹਿੰਮਤ ਨਾ ਪਵੇ। ਉਨ੍ਹਾਂ ਕਿਹਾ ਕਿ ਜੇ ਅੱਜ ਇਸ ਅਨਿਆਂ ਦੇ ਵਿਰੁੱਧ ਸਾਂਝੀ ਆਵਾਜ਼ ਬੁਲੰਦ ਨਾ ਕੀਤੀ ਗਈ ਤਾਂ ਇਹ ਚੁੱਪੀ ਕੱਲ੍ਹ ਹੋਰ ਵੱਡੇ ਅਨਿਆਂ ਨੂੰ ਜਨਮ ਦੇ ਸਕਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।