ਅੰਮ੍ਰਿਤਸਰ, 20 ਜੂਨ ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਨੈਤਿਕ ਹਰਕਤ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ ਦਾ ਸਤਿਕਾਰ ਕਰਦਿਆਂ ਪੰਜਾਬ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਕੱਤਰਤਾ ’ਚ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਅਤੇ ਹਲਕਾ ਪੱਧਰ ’ਤੇ ਇਕੱਠ ਕਰਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਵਿਚਲੀਆਂ ਹਰਕਤਾਂ ਨੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਇਸ ਮਾਮਲੇ ਦੀ ਜਾਂਚ ਸਬੰਧੀ ਜਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਆਪਣਾ ਪੱਖ ਪੇਸ਼ ਕਰਨ ਅਤੇ ਫੋਰੈਂਸਿਕ ਜਾਂਚ ਲਈ ਲੈਬੋਰੇਟਰੀਆਂ ਸੁਝਾਉਣ ਦਾ ਪੂਰਾ ਮੌਕਾ ਦਿੱਤਾ ਗਿਆ, ਲੇਕਿਨ ਉਨ੍ਹਾਂ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖੇ ਪੱਤਰਾਂ ਦਾ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬ-ਉੱਚ ਹਸਤੀ ਹੈ, ਜਿਸ ਦਾ ਪੂਰੇ ਸਿੱਖ ਜਗਤ ਅੰਦਰ ਸਤਿਕਾਰ ਹੈ। ਇਸ ਮਹਾਨ ਅਸਥਾਨ ਤੋਂ ਕੀਤੇ ਜਾਂਦੇ ਆਦੇਸ਼ਾਂ ਅੱਗੇ ਸਿੱਖ ਕੌਮ ਹਮੇਸ਼ਾ ਸਿਰ ਝੁਕਾਉਂਦੀ ਹੈ। ਇਥੇ ਪੰਥ ਦੋਖੀਆਂ ਨੂੰ ਦੰਡ ਦੇਣ ਅਤੇ ਗੁਰੂ ਪਿਆਰ ਵਾਲਿਆਂ ਨੂੰ ਸਤਿਕਾਰ ਦੇਣ ਦੀ ਰਵਾਇਤ ਸਿੱਖ ਕੌਮ ਦੀ ਵਿਲੱਖਣਤਾ ਅਤੇ ਗੌਰਵਤਾ ਦੀ ਲਖਾਇਕ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਸਿੱਖ ਵਿਰੋਧੀ ਹਰਕਤ ਦੇ ਮਾਮਲੇ ਵਿੱਚ ਵੀ ਇਸੇ ਰਵਾਇਤ ਅਨੁਸਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫੈਸਲਾ ਆਇਆ ਹੈ, ਜੋ ਸਿੱਖ ਕੌਮ ਲਈ ਅਤਿ ਮਹੱਤਵਪੂਰਨ ਹੈ। ਕਿਉਂਕਿ ਜੇਕਰ ਸਿੱਖਾਂ ਦੇ ਆਪਣੇ ਘਰੇਲੂ ਜ਼ਮੀਨੀ ਸੂਬੇ ਪੰਜਾਬ ਦੇ ਮੁਖੀ ਹੁੰਦਿਆਂ ਮੁੱਖ ਮੰਤਰੀ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਤਾਰ-ਤਾਰ ਕਰੇਗਾ ਤਾਂ ਉਸ ਤੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਕਦਰਾਂ ਕੀਮਤਾਂ ਅਤੇ ਮਾਨਤਾਵਾਂ ਦੀ ਤਰਜਮਾਨੀ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਉਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਕੌਮੀ ਰਵਾਇਤਾਂ ਅੱਗੇ ਸਿਰ ਝੁਕਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪ੍ਰਚਾਰਣ ਲਈ ਜਿੰਮੇਵਾਰ ਸਿੱਖ ਸੰਸਥਾ ਹੈ, ਇਸ ਲਈ ਪੂਰੀ ਕੌਮ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ, ਮਰਯਾਦਾ ਅਤੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਕੌਮੀ ਏਕਤਾ, ਅਨੁਸ਼ਾਸਨ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਆਪਣਾ ਫ਼ਰਜ਼ ਨਿਭਾਏ।
ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਹਲਕੇ ਵਿਚ ਵੱਡੇ ਇਕੱਠ ਕਰੇਗੀ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਦੇ ਸਵਾਗਤ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਕੌਮੀ ਹਿੱਤਾਂ ਵਾਸਤੇ ਇਸ ਕਾਨੂੰਨ ਵਿਚ ਦਰਜ਼ ਇਤਰਾਜ਼ਯੋਗ ਮੱਦਾਂ ਨੂੰ ਹਟਾਏ ਜਾਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਿੱਖ ਮੈਂਬਰਾਂ ਨੂੰ ਬੁਲਾਇਆ ਗਿਆ ਹੈ ਅਤੇ ਇਸ ਦੀ ਹਰ ਵਿਧਾਇਕ ਨੂੰ ਪਾਲਣਾ ਕਰਨੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਾਂ ਬਾਰੇ ਗ਼ਲਤ ਬਿਆਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਮੈਨੂੰ ਮਾਣ ਹੈ ਕਿ ਮੈਂ ਆਪਣੇ ਪੁਰਖਿਆਂ ਦੀ ਇਸ ਮਹਾਨ ਜਥੇਬੰਦੀ ਨਾਲ ਜੁੜਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਇਸ ਜਥੇਬੰਦੀ ਦੀ ਸਥਾਪਨਾ ਲਈ ਕੁਰਬਾਨੀਆਂ ਕਰਨ ਵਾਲੇ ਅਤੇ ਇਸ ਵਿਚ ਮਹਾਨ ਯੋਗਦਾਨ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾ ਸਿਜਦਾ ਕਰਦਾ ਹਾਂ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਦਲਜੀਤ ਸਿੰਘ ਭਿੰਡਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਆਦਿ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਯੂਬਾਸਿਟੀ ਅਮਰੀਕਾ ਵਿਖੇ ਜਲਦ ਸਥਾਪਿਤ ਕੀਤੇ ਜਾਣਗੇ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਵਫ਼ਦ ਸਮੇਤ ਅਮਰੀਕਾ ਫੇਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਦਾ ਮਕਸਦ ਸ਼੍ਰੋਮਣੀ ਕਮੇਟੀ ਵੱਲੋਂ ਯੂਬਾਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ ਦੀ ਸਥਾਪਨਾ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸ. ਦੀਦਾਰ ਸਿੰਘ ਬੈਂਸ ਨੇ 2013 ’ਚ ਸ਼੍ਰੋਮਣੀ ਕਮੇਟੀ ਨੂੰ 14 ਏਕੜ ਦੇ ਕਰੀਬ ਜ਼ਮੀਨ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਜ਼ਰੂਰੀ ਪ੍ਰਵਾਨਗੀਆਂ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਥੋਂ ਦੇ ਨਿਯਮਾਂ ਅਨੁਸਾਰ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਇਸ ਦੇ ਮੈਂਬਰ ਵਜੋਂ ਕਾਰਜ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਲਈ ਅਮਰੀਕਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਕਾਊਂਟ ਨੂੰ ਚਾਲੂ ਕਰ ਦਿੱਤਾ ਗਿਆ ਹੈ ਅਤੇ ਨਕਸ਼ੇ ਅਤੇ ਹੋਰ ਪ੍ਰਵਾਨਗੀਆਂ ਲਈ ਸ. ਕਰਮਜੀਤ ਸਿੰਘ ਬੈਂਸ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਪ੍ਰਵਾਨਗੀਆਂ ਮਗਰੋਂ ਇਸ ਦੀ ਜਲਦ ਦੀ ਜਲਦ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਹ ਕਾਰਜ ਆਰੰਭ ਹੋਣ ਨਾਲ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਥੋਂ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਇਹ ਸ਼੍ਰੋਮਣੀ ਕਮੇਟੀ ਦਾ ਆਪਣਾ ਪਹਿਲਾ ਕੇਂਦਰ ਹੋਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਆਗੂਆਂ ਅਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ।












