ਜ਼ੀਰਕਪੁਰ, 22 ਜੂਨ ,ਬੋਲੇ ਪੰਜਾਬ ਬਿਊਰੋ;
ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਐਨ.ਕੇ. ਸ਼ਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਅਹੁਦੇਦਾਰਾਂ, ਸਮਰਥਕਾਂ ਅਤੇ ਵਰਕਰਾਂ ਦੀ ਇੱਕ ਅਹਿਮ ਬੈਠਕ ਹੋਈ, ਜਿਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਨੂੰ ਸੰਬੋਧਨ ਕਰਦਿਆਂ ਐਨ.ਕੇ. ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਇੱਕ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਗੁਰੂ ਦੋਖੀ’ ਅਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਜਨਵਰੀ ਮਹੀਨੇ ਦੀ ਅੰਦਰੂਨੀ ਪੇਸ਼ੀ ਦੀ ਵੀਡੀਓ ਵੀ ਜਨਤਕ ਕੀਤੀ ਗਈ ਹੈ। ਸ਼ਰਮਾ ਨੇ ਇਸ ਮਾਮਲੇ ਨੂੰ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਸਲਾ ਦੱਸਦਿਆਂ ਇਸ ਨੂੰ ‘ਬੱਜਰ ਬੇਅਦਬੀ’ ਕਰਾਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਉਹ ਅਹੁਦੇ ’ਤੇ ਬਣੇ ਰਹਿਣਗੇ, ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਮੁੱਖ ਮੰਤਰੀ ਨੂੰ ਆਪਣਾ ਲਾਈ-ਡਿਟੈਕਟਰ ਟੈਸਟ ਕਰਵਾਉਣਾ ਚਾਹੀਦਾ ਹੈ। ਬੈਠਕ ਵਿੱਚ ਮੌਜੂਦ ਆਗੂਆਂ ਨੇ ਵੀ ਇਸ ਮਾਮਲੇ ’ਤੇ ਆਪਣੀਆਂ ਰਾਇਆਂ ਪੇਸ਼ ਕੀਤੀਆਂ ਅਤੇ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ।












