ਮੋਹਾਲੀ, 23 ਜੂਨ,ਬੋਲੇ ਪੰਜਾਬ ਬਿਊਰੋ;
ਵਾਰਡ ਨੰਬਰ 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸੈਕਟਰ-88 ਮੋਹਾਲੀ ਦੇ GMADA ਅਧੀਨ ਆਉਣ ਵਾਲੇ ਪਾਰਕਾਂ ਅਤੇ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਦੀ ਬਦਹਾਲ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀ ਪਾਰਕਾਂ ਦੀ ਮਾੜੀ ਸੰਭਾਲ ਅਤੇ ਚਾਰੋਂ ਪਾਸੇ ਫੈਲੀ ਗੰਦਗੀ ਕਾਰਨ ਬਹੁਤ ਪਰੇਸ਼ਾਨ ਹਨ।
ਉਨ੍ਹਾਂ ਕਿਹਾ ਕਿ ਪਾਰਕਾਂ ਵਿੱਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਕਈ ਥਾਵਾਂ ‘ਤੇ ਹਾਲਾਤ ਡੰਪਿੰਗ ਗਰਾਊਂਡ ਵਰਗੇ ਬਣ ਚੁੱਕੇ ਹਨ। ਇੰਨਾ ਹੀ ਨਹੀਂ, ਪੂਰੇ ਇਲਾਕੇ ਵਿੱਚ ਸਫ਼ਾਈ ਪ੍ਰਬੰਧ ਵੀ ਬਹੁਤ ਮਾੜੇ ਹਨ ਅਤੇ ਸੈਨੇਟਰੀ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ ਨਜ਼ਰ ਆ ਰਹੇ ਹਨ, ਜਿਸ ਕਾਰਨ ਸਥਾਨਕ ਵਸਨੀਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਗੁਰਪ੍ਰੀਤ ਕੌਰ ਉੱਭਾ ਨੇ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਲਗਾਤਾਰ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ GMADA ਦੇ ਹਾਰਟੀਕਲਚਰ ਵਿਭਾਗ ਦੇ SDO ਸ਼੍ਰੀ ਪੰਕਜ ਜੀ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਵੱਲੋਂ ਫੋਨ ਤੱਕ ਨਹੀਂ ਚੁੱਕਿਆ ਜਾ ਰਿਹਾ, ਜੋ ਕਿ ਅਧਿਕਾਰੀਆਂ ਦੀ ਜਵਾਬਦੇਹੀ ‘ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਸੈਕਟਰ-88 ਦੇ ਵਸਨੀਕਾਂ ਨੂੰ ਸਾਫ਼-ਸੁਥਰੇ ਪਾਰਕ ਅਤੇ ਸਾਫ਼-ਸੁਥਰਾ ਇਲਾਕਾ ਮਿਲਣਾ ਉਨ੍ਹਾਂ ਦਾ ਹੱਕ ਹੈ। ਜੇਕਰ ਪਾਰਕਾਂ ਦੀ ਨਿਯਮਿਤ ਸਫ਼ਾਈ ਅਤੇ ਰੱਖ-ਰਖਾਅ ਦੇ ਨਾਲ-ਨਾਲ ਪੂਰੇ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਠੀਕ ਨਹੀਂ ਕੀਤਾ ਗਿਆ ਤਾਂ ਲੋਕਾਂ ਦੀ ਸਿਹਤ ਅਤੇ ਇਲਾਕੇ ਦੀ ਸੁੰਦਰਤਾ ਦੋਵੇਂ ਪ੍ਰਭਾਵਿਤ ਹੋਣਗੀਆਂ।
ਗੁਰਪ੍ਰੀਤ ਕੌਰ ਉੱਭਾ ਨੇ GMADA ਪ੍ਰਸ਼ਾਸਨ, ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੈਕਟਰ-88 ਦੇ ਪਾਰਕਾਂ ਅਤੇ ਪੂਰੇ ਇਲਾਕੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਨਿਯਮਿਤ ਰੱਖ-ਰਖਾਅ ਯਕੀਨੀ ਬਣਾਇਆ ਜਾਵੇ ਅਤੇ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਉਨ੍ਹਾਂ ਕਿਹਾ, “ਸੈਕਟਰ-88 ਦੇ ਵਸਨੀਕਾਂ ਨੂੰ ਸਾਫ਼-ਸੁਥਰੇ ਪਾਰਕ ਅਤੇ ਬਿਹਤਰ ਸਹੂਲਤਾਂ ਮਿਲਣੀਆਂ ਹੀ ਚਾਹੀਦੀਆਂ ਹਨ। ਅਸੀਂ ਲੋਕਾਂ ਦੀ ਆਵਾਜ਼ ਨੂੰ ਹਰ ਪੱਧਰ ਤੱਕ ਪਹੁੰਚਾਉਂਦੇ ਰਹਾਂਗੇ ਅਤੇ ਇਸ ਮਸਲੇ ਦਾ ਹੱਲ ਕਰਵਾ ਕੇ ਰਹਾਂਗੇ।”












