ਚੰਡੀਗੜ੍ਹ, 4 ਜੁਲਾਈ, ਬੋਲੇ ਪੰਜਾਬ ਬਿਊਰੋ :
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਵੱਲੋਂ ਬਗਾਵਤੀ ਸੁਰਾਂ ਤੋਂ ਬਾਅਦ ਕਾਂਗਰਸ ਹਾਈਕਮਾਡ ਹਰਕਤ ਵਿੱਚ ਆ ਗਈ ਹੈ। ਦਿੱਲੀ ਦੇ ਇੱਕ ਸੀਨੀਅਰ ਆਗੂ ਨੇ ਚੰਨੀ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਫਿਲਹਾਲ ਕੋਈ ਸਖ਼ਤ ਕਦਮ ਨਾ ਚੁੱਕਣ।
ਚੰਨੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਆਗੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਪ੍ਰਬੰਧ 7 ਜੁਲਾਈ ਨੂੰ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਕੀਤਾ ਜਾਵੇਗਾ। ਇਸ ਦੌਰਾਨ, ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਇਸ ਮਾਮਲੇ ਨੂੰ ਲੈ ਕੇ ਸਰਗਰਮ ਹੋ ਗਏ ਹਨ; ਉਨ੍ਹਾਂ ਦੇ ਅੱਜ ਜਾਂ ਆਉਣ ਵਾਲੇ ਦਿਨਾਂ ਵਿੱਚ ਮੌਜੂਦਾ ਸੂਬਾ ਪ੍ਰਧਾਨ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਮਿਲਣ ਲਈ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਵਜੋਂ ਬਰਕਰਾਰ ਰੱਖਣ ਦੇ ਫੈਸਲੇ ‘ਤੇ ਕਾਂਗਰਸ ਹਾਈਕਮਾਨ ਪ੍ਰਤੀ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਸੀ। ਉਨ੍ਹਾਂ ਨੇ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ 50 ਤੋਂ ਵੱਧ ਆਗੂਆਂ ਨੂੰ ਇਕੱਠਾ ਕੀਤਾ ਅਤੇ ਹਾਈਕਮਾਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।












