ਨਵੀਂ ਦਿੱਲੀ, 11 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਵੱਲੋਂ ਕੀਤੇ ਇਤਿਹਾਸਕ ਸੰਘਰਸ਼ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਦਿੱਲੀ ਦੇ ਨੌਜਵਾਨਾਂ ਨੇ ਕਈ ਮਹੱਤਵਪੂਰਨ ਮੰਗਾਂ ਸਾਹਮਣੇ ਰੱਖੀਆਂ ਹਨ। ਨੌਜਵਾਨਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਦਿੱਲੀ ਦੇ ਸਿੱਖ ਅਜਾਇਬ ਘਰਾਂ ਵਿੱਚ ਲਗਾਈ ਜਾਵੇ, ਤਾਂ ਜੋ ਸੰਗਤ ਉਨ੍ਹਾਂ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਜਾਣੂ ਹੋ ਸਕੇ। ਇਸ ਦੇ ਨਾਲ ਹੀ ਦਿੱਲੀ ਦੀਆਂ ਸਮੂਹ ਸਿੰਘ ਸਭਾ ਗੁਰਦੁਆਰਿਆਂ ਵਿੱਚ ਵੀ ਭਾਈ ਖਾਲੜਾ ਦੀ ਤਸਵੀਰ ਸਥਾਪਿਤ ਕਰਨ ਦੀ ਮੰਗ ਕੀਤੀ ਗਈ ਹੈ। ਜਿਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਕੋਲ ਉਨ੍ਹਾਂ ਦੀ ਤਸਵੀਰ ਉਪਲਬਧ ਨਹੀਂ ਹੈ, ਉਹ ਸੰਪਰਕ ਕਰਨ। ਨੌਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਇਹ ਤਸਵੀਰਾਂ ਭੇਟਾ ਰਹਿਤ ਮੁਹੱਈਆ ਕਰਵਾਉਣਗੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ 50 ਤੋਂ 60 ਸਫ਼ਿਆਂ ਦੇ ਕਿਤਾਬਚੇ ਦੇ ਰੂਪ ਵਿੱਚ ਪੰਜਾਬੀ ਸਮੇਤ ਵੱਖ-ਵੱਖ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕਰਕੇ ਭੇਟਾ ਰਹਿਤ ਵੰਡੀ ਜਾਵੇ, ਤਾਂ ਜੋ ਨਵੀਂ ਪੀੜ੍ਹੀ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਤੋਂ ਪ੍ਰੇਰਿਤ ਹੋ ਸਕੇ। ਨੌਜਵਾਨਾਂ ਨੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ, ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਅਤੇ ਇਨਸਾਫ਼ ਪਸੰਦ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਭਾਈ ਖਾਲੜਾ ਵੱਲੋਂ ਸ਼ੁਰੂ ਕੀਤੇ ਮਨੁੱਖੀ ਅਧਿਕਾਰਾਂ ਦੇ ਕਾਰਜ ਨੂੰ ਸੰਗਠਿਤ ਢੰਗ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਉਨ੍ਹਾਂ ਦੀ ਸ਼ਹਾਦਤ ਨੂੰ ਸੱਚੇ ਅਰਥਾਂ ਵਿੱਚ ਸ਼ਰਧਾਂਜਲੀ ਦਿੱਤੀ ਜਾ ਸਕੇ। ਬਿਆਨ ਵਿੱਚ ਕਿਹਾ ਗਿਆ ਕਿ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਲੋੜ ਹੈ। ਇਸ ਲਈ ਸਿੱਖ ਕੌਮ ਨੂੰ ਸੰਯੁਕਤ ਰਾਸ਼ਟਰ, ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ, ਐਮਨੈਸਟੀ ਇੰਟਰਨੈਸ਼ਨਲ ਅਤੇ ਵਿਸ਼ਵ ਭਰ ਦੀਆਂ ਮਨੁੱਖੀ ਅਧਿਕਾਰ ਜਥੇਬੰਦੀਆਂ ਤੱਕ ਪਹੁੰਚ ਕਰਕੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਗੰਭੀਰ ਅਤੇ ਸਾਂਝੇ ਯਤਨ ਕਰਨੇ ਚਾਹੀਦੇ ਹਨ। ਦਿੱਲੀ ਦੇ ਨੌਜਵਾਨਾਂ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਅਡੋਲ ਸੰਘਰਸ਼ ਦੀ ਮਿਸਾਲ ਹੈ। ਉਨ੍ਹਾਂ ਦੇ ਮਿਸ਼ਨ ਨੂੰ ਅੱਗੇ ਵਧਾਉਣਾ ਅਤੇ ਨਵੀਂ ਪੀੜ੍ਹੀ ਨੂੰ ਇਸ ਇਤਿਹਾਸ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਦੀਪ ਸਿੰਘ, ਮਨਦੀਪ ਸਿੰਘ, ਜਸਮੀਤ ਸਿੰਘ, ਸਿਮਰਨਜੀਤ ਸਿੰਘ, ਪ੍ਰਭਜੋਤ ਸਿੰਘ ਅਮਰੀਕ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਮਲਕੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਨੌਜੁਆਨ ਹਾਜਿਰ ਸਨ।












