ਸੁਨਾਮ 19 ਜੁਲਾਈ ,ਬੋਲੇ ਪੰਜਾਬ ਬਿਊਰੋ;
ਨੇੜਲੇ ਪਿੰਡ ਖਡਿਆਲ ਦੇ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ (45) ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੋਲ ਕੇਵਲ ਤਿੰਨ ਏਕੜ ਜ਼ਮੀਨ ਹੈ ਅਤੇ ਉਸ ਦੇ ਤਿੰਨ ਬੱਚੇ ਹਨ। ਉਨ੍ਹਾਂ ਦੱਸਿਆ ਕਿ ਘਰ ਦੀਆਂ ਕਬੀਲਦਾਰੀਆਂ ਪੂਰੀਆਂ ਕਰਨ ਅਤੇ ਖੇਤੀ ਵਿੱਚ ਲਗਾਤਾਰ ਪਏ ਘਾਟੇ ਕਾਰਨ ਦਰਸ਼ਨ ਸਿੰਘ ਸਿਰ ਕਰੀਬ 20 ਲੱਖ ਰੁਪਏ ਦਾ ਸਰਕਾਰੀ ਅਤੇ ਨਿੱਜੀ (ਆੜ੍ਹਤੀਆਂ/ਬੈਂਕਾਂ ਦਾ) ਕਰਜ਼ਾ ਚੜ੍ਹ ਗਿਆ ਸੀ। ਇਸ ਕਰਜ਼ੇ ਨੂੰ ਮੋੜਨ ਤੋਂ ਅਸਮਰੱਥ ਹੋਣ ਕਾਰਨ ਉਹ ਕਾਫੀ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ। ਇਸੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਖੇਤ ਵਿੱਚ ਜਾ ਕੇ ਸਲਫ਼ਾਸ ਦੀਆਂ ਗੋਲੀਆਂ ਖਾ ਲਈਆਂ। ਪਤਾ ਲੱਗਣ ’ਤੇ ਪਰਿਵਾਰ ਵੱਲੋਂ ਇਲਾਜ ਲਈ ਉਨ੍ਹਾਂ ਨੂੰ ਤੁਰੰਤ ਸੁਨਾਮ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਪੁਲੀਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਮ੍ਰਿਤਕ ਦੇ ਪੁੱਤਰ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬੀ.ਐੱਨ.ਐੱਸ.ਐੱਸ. (BNSS) ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ (ਪਰਿਵਾਰ) ਨੂੰ ਸੌਂਪ ਦਿੱਤੀ ਜਾਵੇਗੀ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਰਾਮ ਸਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਸਿਰ ਚੜ੍ਹਿਆ ਸਾਰਾ ਕਰਜ਼ਾ ਉਤਾਰਨ ਦੀ ਜ਼ਿੰਮੇਵਾਰੀ ਸਰਕਾਰ ਖ਼ੁਦ ਚੁੱਕੇ ਅਤੇ ਪੀੜਤ ਪਰਿਵਾਰ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ।












