ਨਵੀਂ ਦਿੱਲੀ, 19 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):
ਹਰਿਦੁਆਰ ਸਥਿਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਐਡਵੋਕੇਟ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਨੇ ਮੁਲਾਕਾਤ ਕੀਤੀ। ਵਫ਼ਦ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦਾ ਇਤਿਹਾਸਕ ਸਥਾਨ ਸਿੱਖ ਕੌਮ ਨੂੰ ਸੌਂਪਣ ਦੀ ਮੰਗ ਕਰਦਿਆਂ ਇਸ ਧਾਰਮਿਕ ਵਿਰਾਸਤ ਦੇ ਸਨਮਾਨਜਨਕ ਹੱਲ ਦੀ ਲੋੜ ਉਭਾਰੀ। ਇਸ ਦੇ ਨਾਲ ਹੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਕੀਤੀਆਂ ਸੁਵਿਧਾਵਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਤਰਾਖੰਡ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ। ਐਡਵੋਕੇਟ ਪਰਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ਵਿੱਚੋਂ ਇੱਕ ਹੈ ਅਤੇ ਸਿੱਖ ਸੰਗਤ ਲੰਮੇ ਸਮੇਂ ਤੋਂ ਇਸ ਦੇ ਸਨਮਾਨਜਨਕ ਹੱਲ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2017 ਤੋਂ ਉਹ ਇਸ ਮਾਮਲੇ ਨੂੰ ਲਗਾਤਾਰ ਵੱਖ-ਵੱਖ ਮੰਚਾਂ ‘ਤੇ ਉਠਾਉਂਦੇ ਆ ਰਹੇ ਹਨ ਅਤੇ ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਉੱਤਰਾਖੰਡ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਵੀ ਕਈ ਵਾਰ ਮੰਗ-ਪੱਤਰ ਸੌਂਪੇ ਜਾ ਚੁੱਕੇ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਰਾਜ ਸਰਕਾਰ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੇ ਪੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼ਾਂਤੀਪੂਰਨ ਅਤੇ ਸਨਮਾਨਜਨਕ ਹੱਲ ਲਈ ਯਤਨ ਕਰ ਰਹੀ ਹੈ। ਉਨ੍ਹਾਂ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਕਾਰਾਤਮਕ ਪਹਿਲ ਕਰਨ ਦਾ ਭਰੋਸਾ ਦਿੱਤਾ, ਜਦਕਿ ਵਫ਼ਦ ਨੇ ਉਮੀਦ ਜਤਾਈ ਕਿ ਧਾਮੀ ਦੇ ਨੇਤ੍ਰਿਤਵ ਹੇਠ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨਾਲ ਜੁੜੀ ਲੰਬੇ ਸਮੇਂ ਤੋਂ ਲਟਕਦੀ ਮੰਗ ਦੇ ਹੱਲ ਵੱਲ ਠੋਸ ਪ੍ਰਗਤੀ ਹੋਵੇਗੀ।












