ਸਰਕਾਰ ਮੰਗਾਂ ਮੰਨਣ ਦੀ ਥਾਂ ਐਸਮਾ ਲਗਾਉਣ ਦੀ ਕਰ ਰਹੀ ਹੈ ਤਿਆਰੀ- ਵਿਰਦੀ
ਚੰਡੀਗੜ੍ਹ, 19 ਜੁਲਾਈ,ਬੋਲੇ ਪੰਜਾਬ ਬਿਊਰੋ;
ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਸੂਬੇ ਅੰਦਰ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਹੋਈ ਹੈ ਜਿਸਦਾ ਜੱਥੇਬੰਦੀ ਵੱਲੋਂ ਪੂਰਨ ਸਮਰਥਨ ਕੀਤਾ ਜਾਂਦਾ ਹੈ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਮੌਜੂਦਾ ਆਮ ਆਦਮੀਆਂ ਦੀ ਸਰਕਾਰ ਇਹਨਾਂ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਉਹਨਾਂ ਤੇ ਐਸਮਾ ਲਗਾਉਣ ਦੀ ਤਿਆਰੀ ਕਰ ਰਹੀ ਹੈ ਜਿਸਦਾ ਪ.ਸ.ਸ.ਫ. ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।ਜੱਥੇਬੰਦੀ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਸਫਾਈ ਸੇਵਕਾਂ ਵਲੋਂ ਲਗ-ਭਗ ਮਹੀਨਾ ਭਰ ਹੜਤਾਲ ਕਰਕੇ ਪੂਰਣ ਤੌਰ ਤੇ ਕੰਮ ਬੰਦ ਰੱਖਿਆ ਸੀ ਅਤੇ ਸੰਘਰਸ਼ ਦੇ ਦਬਾਅ ਸਦਕਾ ਸਰਕਾਰ ਵਲੌਂ ਕੀਤੀ ਮੀਟਿੰਗ ਵਿੱਚ ਕੋਈ ਵੀ ਮੰਗ ਪ੍ਰਵਾਨ ਨਹੀਂ ਕੀਤੀ ਗਈ ਜਿਸ ਕਾਰਣ ਮੁੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਭਗਵੰਤ ਮਾਨ ਵਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਭਾਸ਼ਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਪਿਛਲੀ ਸਰਕਾਰ ਕੋਲੋਂ ਸਵਾਲ ਕਰਨ ਦੀ ਗੱਲ ਆਖੀ ਜਾ ਰਹੀ ਸੀ ਪ੍ਰੰਤੂ ਹੁਣ ਜਦੋਂ ਖੁਦ ਸੱਤਾ ਵਿੱਚ ਹਨ ਤਾਂ ਸਰਕਾਰ ਕੋਲੋਂ ਆਪਣੀਆਂ ਮੰਗਾਂ ਸਬੰਧੀ ਸਵਾਲ ਕਰਨ ਵਾਲਿਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਝੂਠੇ ਕੇਸਾਂ ਵਿੱਚ ਫਸਾ ਕੇ ਜੇਲਾਂ ਅੰਦਰ ਸੁੱਟਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਹੜਤਾਲੀ ਸਫਾਈ ਸੇਵਕਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਜੱਥੇਬੰਦੀ ਵਲੋਂ ਇਸਨੂੰ ਆਪਣਾ ਸੰਘਰਸ਼ ਮੰਨਦਿਆਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।ਆਗੂਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਮਿਤੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਸੂਬਾਈ ਰੈਲੀ ਵਿੱਚ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।ਆਗੂਆਂ ਵਲੋਂ ਸਮੂਹ ਮੁਲਾਜ਼ਮ ਵਰਗ ਨੂੰ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ ਕਰਨ ਅਤੇ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਐਕਸ਼ਨਾਂ ਵਿੱਚ ਭਰਵੀ ਹਾਜਰੀ ਦੀ ਅਪੀਲ ਕੀਤੀ ਗਈ ਹੈ।












