ਅੰਮ੍ਰਿਤਸਰ ‘ਚ ਅਵਾਰਾ ਕੁੱਤਿਆਂ ਨੇ ਬਜ਼ੁਰਗ ਨੂੰ ਨੋਚ-ਨੋਚ ਕੇ ਮਾਰਿਆ

ਪੰਜਾਬ

ਅੰਮ੍ਰਿਤਸਰ 19 ਜੁਲਾਈ ,ਬੋਲੇ ਪੰਜਾਬ ਬਿਊਰੋ;

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਲੰਘੀ ਰਾਤ ਇੱਕ ਬੇਹੱਦ ਦਿਲ-ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ 75 ਸਾਲਾ ਇੱਕ ਬਜ਼ੁਰਗ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦਰਦਨਾਕ ਘਟਨਾ ਨੇ ਜਿੱਥੇ ਸਥਾਨਕ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਸ਼ਹਿਰ ਵਿੱਚ ਲਗਾਤਾਰ ਵਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਅਤੇ ਪ੍ਰਸ਼ਾਸਨਿਕ ਢਿੱਲ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ ਪਛਾਣ ਇਸਲਾਮਾਬਾਦ ਪੁਲੀਸ ਥਾਣੇ ਦੇ ਅਧੀਨ ਆਉਂਦੀ ਗਲੀ ਚੌਕੀਆਂ ਵਾਲੀ ਦੇ ਰਹਿਣ ਵਾਲੇ ਗੁਰਦੀਪ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਟਾਹਲੀ ਸਾਹਿਬ ਬਾਜ਼ਾਰ ਸਥਿਤ ਇੱਕ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਸ਼ਨੀਵਾਰ ਰਾਤ ਨੂੰ ਉਹ ਕੰਮ ਤੋਂ ਪਰਤਿਆ ਅਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਨਾਲ ਲੱਗਦੀ ਗਲੀ ਵਿੱਚ ਰਹਿੰਦੇ ਆਪਣੇ ਇੱਕ ਬਿਮਾਰ ਰਿਸ਼ਤੇਦਾਰ ਦਾ ਹਾਲ-ਚਾਲ ਪੁੱਛਣ ਚਲਾ ਗਿਆ। ਰਾਤ ਕਰੀਬ 10.30 ਵਜੇ ਜਦੋਂ ਉਹ ਪੈਦਲ ਆਪਣੇ ਘਰ ਪਰਤ ਰਿਹਾ ਸੀ, ਤਾਂ ਗਲੀ ਵਿੱਚ 5 ਤੋਂ 7 ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।ਸੀਸੀਟੀਵੀ ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਜਦੋਂ ਬਜ਼ੁਰਗ ਨੇ ਕੁੱਤਿਆਂ ਤੋਂ ਬਚਣ ਲਈ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਕੁੱਤਿਆਂ ਨੇ ਉਸ ਨੂੰ ਘੇਰ ਕੇ ਜ਼ਮੀਨ ’ਤੇ ਸੁੱਟ ਲਿਆ। ਇਸ ਤੋਂ ਬਾਅਦ ਕੁੱਤਿਆਂ ਨੇ ਉਸ ਨੂੰ ਬੁਰੀ ਤਰ੍ਹਾਂ ਨੋਚਣਾ ਅਤੇ ਵੱਢਣਾ ਸ਼ੁਰੂ ਕਰ ਦਿੱਤਾ। ਬਜ਼ੁਰਗ ਵੱਲੋਂ ਮਦਦ ਲਈ ਚੀਕ-ਚਿਹਾੜਾ ਵੀ ਪਾਇਆ ਗਿਆ, ਪਰ ਗਰਮੀ ਦੇ ਮੌਸਮ ਕਾਰਨ ਆਸ-ਪਾਸ ਦੇ ਘਰਾਂ ਦੇ ਦਰਵਾਜ਼ੇ-ਬਾਰੀਆਂ ਬੰਦ ਸਨ ਅਤੇ ਏਸੀ ਚੱਲ ਰਹੇ ਸਨ, ਜਿਸ ਕਾਰਨ ਤੁਰੰਤ ਕੋਈ ਵੀ ਉਸ ਦੀ ਮਦਦ ਲਈ ਬਾਹਰ ਨਹੀਂ ਆ ਸਕਿਆ।

ਕੁਝ ਸਮੇਂ ਬਾਅਦ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੇ ਗੁਰਦੀਪ ਸਿੰਘ ਨੂੰ ਲਹੂ-ਲੁਹਾਨ ਹਾਲਤ ਵਿੱਚ ਗਲੀ ਵਿੱਚ ਪਿਆ ਦੇਖਿਆ ਅਤੇ ਤੁਰੰਤ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਪਰ ਜਦੋਂ ਤੱਕ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ, ਉਦੋਂ ਤੱਕ ਬਜ਼ੁਰਗ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਚੁੱਕਾ ਸੀ। ਇਸ ਦੁਖਾਂਤ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਪੁਲੀਸ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ ਅਤੇ ਮੀਡੀਆ ਨਾਲ ਵੀ ਗੱਲ ਕਰਨ ਤੋਂ ਗੁਰੇਜ਼ ਕੀਤਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਸਰਾਬਜੀਤ ਕੌਰ, ਪੁੱਤਰ ਹਰਜੋਤ ਸਿੰਘ ਅਤੇ ਦੋ ਵਿਆਹੀਆਂ ਧੀਆਂ ਛੱਡ ਗਿਆ ਹੈ।

ਇਸ ਘਟਨਾ ਨੇ ਪੂਰੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਥਾਨਕ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਦਿਨੋਂ-ਦਿਨ ਵਧ ਰਹੀ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਨੱਥ ਪਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੇ ਕਿਸੇ ਹੋਰ ਮਾਸੂਮ ਜਾਂ ਬਜ਼ੁਰਗ ਦੀ ਜਾਨ ਨਾ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।