ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜਮਹੂਰੀ ਹੱਕਾਂ ਦੀ ਰਾਖੀ ਲਈ ਲੇਖਕ ਭਾਈਚਾਰੇ ਨੂੰ 25 ਜੁਲਾਈ ਦੇ ਜਲੰਧਰ ਧਰਨੇ ਵਿੱਚ ਸ਼ਮੂਲੀਅਤ  ਦੀ ਅਪੀਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ:

ਦਿੱਲੀ ਵਿੱਚ ਪੁਲਿਸ ਅਤੇ ਆਰ.ਐਸ.ਐਸ. ਨਾਲ਼ ਸਬੰਧਿਤ ਤੱਤਾਂ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ ਅਤੇ ਜਮਹੂਰੀ ਹੱਕਾਂ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ 25 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੇ ਸਮੂਹ ਲੇਖਕ ਭਾਈਚਾਰੇ ਨੂੰ ਇਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੀ ਰਾਇ ਪ੍ਰਗਟ ਕਰਨਾ, ਲੋਕ-ਮੁੱਦਿਆਂ ਲਈ ਸੰਘਰਸ਼ ਕਰਨਾ ਅਤੇ ਜਮਹੂਰੀ ਹੱਕਾਂ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਅਸਹਿਮਤੀ ਦੀ ਆਵਾਜ਼ ਨੂੰ ਪੁਲਸ ਬਲ ਜਾਂ ਹਿੰਸਾ ਰਾਹੀਂ ਕੁਚਲਣ ਦੀ ਹਰ ਕੋਸ਼ਿਸ਼ ਜਮਹੂਰੀਅਤ ਦੀ ਰੂਹ ਅਤੇ ਸੰਵਿਧਾਨ ਦੀ ਭਾਵਨਾ ਦੇ ਉਲਟ ਹੈ, ਜਿਸ ਦਾ ਹਰ ਜਮਹੂਰੀ ਸ਼ਕਤੀ ਵੱਲੋਂ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ।

ਆਗੂਆਂ ਨੇ ਕਿਹਾ ਕਿ ਲੇਖਕ ਅਤੇ ਬੁੱਧੀਜੀਵੀ ਕਿਸੇ ਵੀ ਸਮਾਜ ਦੀ ਜ਼ਮੀਰ ਹੁੰਦੇ ਹਨ। ਜਦੋਂ ਨਾਗਰਿਕ ਆਜ਼ਾਦੀਆਂ, ਜਮਹੂਰੀ ਹੱਕਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਉੱਤੇ ਹਮਲੇ ਹੋਣ ਤਾਂ ਸਾਹਿਤਕ ਭਾਈਚਾਰੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਚੁੱਪ ਰਹਿਣ ਦੀ ਬਜਾਏ ਲੋਕਾਂ ਦੇ ਪੱਖ ਵਿੱਚ ਡਟ ਕੇ ਖੜ੍ਹੇ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੇ ਸਮੂਹ ਲੇਖਕਾਂ, ਕਵੀਆਂ, ਕਹਾਣੀਕਾਰਾਂ, ਨਾਟਕਕਾਰਾਂ, ਆਲੋਚਕਾਂ, ਪੱਤਰਕਾਰਾਂ ਅਤੇ ਸਾਹਿਤਕ-ਸੱਭਿਆਚਾਰਕ ਕਾਰਕੁਨਾਂ ਨੂੰ ਅਪੀਲ ਕੀਤੀ ਹੈ ਕਿ ਉਹ 25 ਜੁਲਾਈ ਨੂੰ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਹੋਣ ਵਾਲੇ ਇਸ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਜਮਹੂਰੀ ਹੱਕਾਂ, ਨਾਗਰਿਕ ਆਜ਼ਾਦੀਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।