ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੋਗਾ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਵਿਦਿਆਰਥਣਾਂ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਮੁੱਢਲੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।ਮੁਅੱਤਲ ਕੀਤੇ ਗਏ ਅਧਿਆਪਕ ਦੀ ਪਛਾਣ ਸਮਾਜਿਕ ਸਿੱਖਿਆ (ਸੋਸ਼ਲ ਸਟੱਡੀਜ਼) ਦੇ ਅਧਿਆਪਕ ਵਜੋਂ ਹੋਈ ਹੈ, ਜੋ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਤੋਂ ਮਿਲੀ ਮੁੱਢਲੀ ਰਿਪੋਰਟ ‘ਤੇ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਾਇਆ ਸੀ ਕਿ ਉਕਤ ਅਧਿਆਪਕ ਵੱਲੋਂ ਉਨ੍ਹਾਂ ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਸਨ। ਵਿਦਿਆਰਥਣਾਂ ਨੇ ਇਹ ਵੀ ਦੋਸ਼ ਲਾਇਆ ਕਿ ਜੇਕਰ ਉਨ੍ਹਾਂ ਨੇ ਇਸ ਮਾਮਲੇ ਬਾਰੇ ਕਿਸੇ ਨੂੰ ਦੱਸਿਆ ਤਾਂ ਅਧਿਆਪਕ ਉਨ੍ਹਾਂ ਨੂੰ ਪੇਪਰਾਂ ਵਿੱਚ ਫੇਲ੍ਹ ਕਰਨ ਦੀਆਂ ਧਮਕੀਆਂ ਦਿੰਦਾ ਸੀ।ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਸਭ ਤੋਂ ਵੱਧ ਪਹਿਲ ਦਿੰਦੀ ਹੈ।

ਮੰਤਰੀ ਬੈਂਸ ਨੇ ਕਿਹਾ, “ਹਰੇਕ ਵਿਦਿਆਰਥੀ ਦੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਤੰਦਰੁਸਤੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਸਰਕਾਰ ਦੀ ਅਜਿਹੇ ਕਿਸੇ ਵੀ ਅਧਿਆਪਕ ਪ੍ਰਤੀ ‘ਜ਼ੀਰੋ ਟੋਲਰੈਂਸ’ ਨੀਤੀ ਹੈ ਜੋ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਜਾਂ ਡਰਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਾ ਹੈ।” ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸਮਾਂ-ਬੱਧ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਮੁਅੱਤਲੀ ਦੇ ਸਮੇਂ ਦੌਰਾਨ ਉਕਤ ਅਧਿਆਪਕ ਨੂੰ ਸੇਵਾ ਨਿਯਮਾਂ ਤਹਿਤ ਗੁਜ਼ਾਰਾ ਭੱਤਾ ਮਿਲੇਗਾ। ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਦਾ ਦਫ਼ਤਰ ਨਿਯਤ ਕੀਤਾ ਗਿਆ ਹੈ, ਜਿੱਥੇ ਉਸ ਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਆਪਣੀ ਹਾਜ਼ਰੀ ਲਗਾਉਣੀ ਪਵੇਗੀ। ਵਿਭਾਗ ਨੇ ਦੁਹਰਾਇਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਬਣਾਈ ਰੱਖਣ ਲਈ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਦਮ ਚੁੱਕੇ ਜਾਂਦੇ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।