ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ;
ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਵਾਰ ਮੈਮੋਰੀਅਲ ਵਿਖੇ ਪਹੁੰਚ ਕੇ ਕਾਰਗਿਲ ਜੰਗ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿੱਚ ਮੁੱਖ ਮੰਤਰੀ ਨੇ ਸ਼ਹੀਦਾਂ ਦੀ ਬਹਾਦਰੀ, ਦੇਸ਼ ਪ੍ਰਤੀ ਸਮਰਪਣ ਅਤੇ ਸਰਵੋੱਚ ਕੁਰਬਾਨੀ ਨੂੰ ਨਮਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰ ਮੈਮੋਰੀਅਲ ਵਿਖੇ ਪੁਸ਼ਪ ਚੱਕਰ ਅਰਪਿਤ ਕਰਦੇ ਹੋਏ ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਓਛਾਵਰ ਕਰਨ ਵਾਲੇ ਵੀਰ ਜਵਾਨਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਕਾਰਗਿਲ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਰਹਿਣਗੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ਭਗਤੀ ਦਾ ਸੰਦੇਸ਼ ਦਿੰਦੀਆਂ ਰਹਿਣਗੀਆਂ। ਇਸ ਮੌਕੇ ਸਮਾਗਮ ਵਿੱਚ ਵੱਖ-ਵੱਖ ਅਧਿਕਾਰੀਆਂ, ਸਾਬਕਾ ਫੌਜੀ ਅਧਿਕਾਰੀਆਂ ਨੇ ਵੀ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਦੱਸ ਦਈਏ ਕਿ ਹਰ ਸਾਲ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ 1999 ਦੇ ਕਾਰਗਿਲ ਯੁੱਧ ਵਿੱਚ ਭਾਰਤੀ ਫੌਜ ਦੀ ਇਤਿਹਾਸਕ ਜਿੱਤ ਅਤੇ ਦੇਸ਼ ਲਈ ਸ਼ਹਾਦਤ ਦੇਣ ਵਾਲੇ ਬਹਾਦਰ ਜਵਾਨਾਂ ਦੀ ਯਾਦ ‘ਚ ਮਨਾਇਆ ਜਾਂਦਾ ਹੈ।












