ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਸੂਬੇ ਦੇ ਡੇਅਰੀ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਦੁੱਧ ਖਰੀਦ ਦਰ ਵਿੱਚ 40 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਹਜ਼ਾਰਾਂ ਡੇਅਰੀ ਉਤਪਾਦਕਾਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ।
ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਵਧੀਆਂ ਹੋਈਆਂ ਦੁੱਧ ਖਰੀਦ ਦਰਾਂ 21 ਜੁਲਾਈ ਤੋਂ ਲਾਗੂ ਹੋਣਗੀਆਂ। ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਡੇਅਰੀ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁੱਧ ਉਤਪਾਦਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡੇਅਰੀ ਸੈਕਟਰ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਆਰਥਿਕ ਸਹਾਇਤਾ ਦੇਣ ਲਈ ਇਹ ਅਹਿਮ ਕਦਮ ਚੁੱਕਿਆ ਗਿਆ ਹੈ।











