ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ;
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਮੋਹਾਲੀ-ਚੰਡੀਗੜ੍ਹ ਵੱਲੋਂ 15 ਅਗਸਤ ਨੂੰ ਪੰਜਾਬ ਦੇ ਗਵਰਨਰ ਹਾਊਸ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇੱਕ ਵਿਸ਼ਾਲ ਮੀਟਿੰਗ ਹੋਈ, ਜਿਸ ਵਿੱਚ ਸਿੱਖ ਸੰਗਤਾਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੱਲ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 5 ਅਗਸਤ ਤੱਕ ਪ੍ਰਸ਼ਾਸਨ ਵੱਲੋਂ ਮੋਰਚੇ ਨਾਲ ਕੋਈ ਮੀਟਿੰਗ ਨਹੀਂ ਕੀਤੀ ਜਾਂਦੀ ਤਾਂ ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ 15 ਅਗਸਤ ਨੂੰ ਵੱਡੇ ਪੱਧਰ ‘ਤੇ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ 15 ਅਗਸਤ ਨੂੰ ਹੋਣ ਵਾਲਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਕੀਤਾ ਜਾਵੇਗਾ।












