ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਆਪਣੇ ਆਪ ਨੂੰ ‘ਇਨਕਲਾਬੀ’ ਅਖਵਾਉਣ ਦੇਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਵਰਗੇ ਪਵਿੱਤਰ ਅਤੇ ਇਤਿਹਾਸਕ ਮੌਕੇ‘ਤੇ ਪੰਜਾਬ ਪੁਲਿਸ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੇ ਕੰਪਿਊਟਰ ਅਧਿਆਪਕ ਆਗੂਆਂ ਦੇ ਘਰਾਂ ‘ਤੇ ਸਵੇਰੇ-ਸਵੇਰੇ ਛਾਪੇਮਾਰੀ ਕੀਤੀ ਗਈ, ਜਿਸ ਨਾਲ ਸਰਕਾਰ ਦਾ ‘ਲੋਕ ਵਿਰੋਧੀ’ ਅਤੇ ‘ਤਾਨਾਸ਼ਾਹੀ’ ਚਿਹਰਾ ਇੱਕ ਵਾਰ ਫਿਰ ਪ੍ਰਤੱਖ ਰੂਪ ਵਿੱਚ ਨੰਗਾ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਅੱਜ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਇੱਕ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਉਲੀਕਿਆ ਗਿਆ ਸੀ। ਇਸ ਸ਼ਾਂਤਮਈ ਪ੍ਰਦਰਸ਼ਨ ਨੂੰ ਅਸਫਲ ਕਰਨ ਅਤੇ ਅਧਿਆਪਕਾਂ ਦੀ ਆਵਾਜ਼ ਨੂੰ ਦਬਾਉਣ ਦੇ ਮਕਸਦ ਨਾਲ ਪੁਲਿਸ ਨੇ ਅੱਜ ਤੜਕੇ ਸਵੇਰੇ 5 ਵਜੇਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਪਰਮਵੀਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਇਸੇ ਤਰ੍ਹਾਂ ਬਠਿੰਡਾ ਪੁਲਿਸ ਵੱਲੋਂ ਵੀ ਤੜਕੇ ਕਾਰਵਾਈ ਕਰਦਿਆਂ ਸੂਬਾ ਆਗੂ ਜੋਨੀ ਗਰਗ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਉਹ ਸੁਨਾਮ ਵਿਖੇ ਹੋਣ ਵਾਲੇ ਰੋਸ ਧਰਨੇ ਵਿੱਚ ਸ਼ਾਮਲ ਨਾ ਹੋ ਸਕਣ।
ਸਰਕਾਰ ਦੀ ਇਸ ਧੱਕੇਸ਼ਾਹੀ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਵਿਰੁੱਧ ਪੰਜਾਬ ਭਰ ਦੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ(ਡੀ.ਟੀ.ਐੱਫ.) ਪੰਜਾਬ ਨੇ ਸਰਕਾਰ ਦੇ ਇਸ ਤਾਨਾਸ਼ਾਹੀ ਰਵਈਏ ਅਤੇ ਪੁਲਿਸ ਦੀ ਜਬਰਦਸਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡੀ.ਟੀ.ਐੱਫ. ਦੇ ਆਗੂਆਂ ਨੇ ਆਖਿਆ ਕਿ ਜਿਹੜੀ ਸਰਕਾਰ ਬਦਲਾਅ ਅਤੇ ਇਨਕਲਾਬ ਦੇ ਨਾਂ ‘ਤੇ ਸੱਤਾ ਵਿੱਚ ਆਈ ਸੀ, ਅੱਜ ਉਹ ਅਧਿਆਪਕਾਂ ਦੀਆਂ ਹੱਕੀ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਉੱਪਰ ਜਬਰ ਢਾਹ ਰਹੀ ਹੈ।
ਸ਼ਹੀਦਾਂ ਦੇ ਦਿਹਾੜੇ ‘ਤੇ ਲੋਕਤੰਤਰ ਦਾ ਘਾਣ ਕਰਦਿਆਂ ਅਧਿਆਪਕ ਆਗੂਆਂ ਨੂੰ ਨਜ਼ਰਬੰਦ ਕਰਨਾ ਇਹ ਸਾਬਤ ਕਰਦਾ ਹੈ ਕਿ ‘ਆਪ’ ਸਰਕਾਰ ਅੰਦਰੋਂ ਬਹੁਤ ਬੋਖਲਾਅ ਚੁੱਕੀ ਹੈ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣਾ ਚਾਹੁੰਦੀ ਹੈ। ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਪੂਰੇ ਲਾਭਾਂ ਸਮੇਤ ਮਰਜਿੰਗ, ਛੇਵੇਂ ਪੇ-ਕਮਿਸ਼ਨ ਨੂੰ ਲਾਗੂ ਕਰਨ ਅਤੇ ਹੋਰ ਬਕਾਇਆ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।
ਚੋਣਾਂ ਤੋਂ ਪਹਿਲਾਂ ‘ਆਪ’ ਦੇ ਵੱਡੇ-ਵੱਡਿਆਂ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪਹਿਲੀ ਕੈਬਨਿਟ ਵਿੱਚ ਪੂਰੀਆਂ ਕਰਨ ਦੇ ਦਾਅਵੇਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਆਪਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਮੰਗਾਂ ਮੰਨਣ ਦੀ ਬਜਾਏ ਅਧਿਆਪਕਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਕੀਤੇ ਜਾ ਰਹੇ ਹਨ ਅਤੇ ਪੁਲਿਸ ਦੇ ਜ਼ੋਰ ‘ਤੇ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਮੰਗ ਕੀਤੀ ਹੈਕਿ ਕੰਪਿਊਟਰ ਅਧਿਆਪਕਾਂ ਦੇ ਘਰਾਂ ‘ਤੇ ਛਾਪੇਮਾਰੀ ਤੁਰੰਤ ਬੰਦ ਕੀਤੀ ਜਾਵੇ, ਨਜ਼ਰਬੰਦ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇਅਤੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਜਾਰੀ ਰੱਖੀ ਤਾਂ ਪੂਰੇ ਪੰਜਾਬ ਦੇ ਅਧਿਆਪਕ ਅਤੇ ਭਰਾਤਰੀ ਜਥੇਬੰਦੀਆਂ ਇਕਜੁੱਟ ਹੋਕੇ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।












