ਕਰਤਾਰਪੁਰ ਲਾਂਘਾ ਬੰਦ ਰੱਖਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ: ਸਿਮਰਨਜੀਤ ਸਿੰਘ ਮਾਨ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):-

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਲੰਬੇ ਸਮੇਂ ਤੋਂ ਬੰਦ ਰੱਖਣ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਸੁਰੱਖਿਆ ਦਾ ਬਹਾਨਾ ਬਣਾਕੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝਾ ਰੱਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿੱਖ ਕੌਮ ਦਾ ਕੋਈ ਦੋਸ਼ ਨਹੀਂ, ਫਿਰ ਵੀ ਸਜ਼ਾ ਸਿੱਖਾਂ ਨੂੰ ਦਿੱਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਜੇ ਹੋਰ ਧਰਮਾਂ ਦੇ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ‘ਤੇ ਜਾਣ ਦੀ ਪੂਰੀ ਆਜ਼ਾਦੀ ਹੈ ਤਾਂ ਸਿੱਖਾਂ ਦੇ ਧਾਰਮਿਕ ਹੱਕਾਂ ‘ਤੇ ਪਾਬੰਦੀਆਂ ਲਗਾਉਣਾ ਪੱਖਪਾਤੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਾਹੀਂ ਸੁਰੱਖਿਆ ਨਾਲ ਜੁੜੇ ਮੁੱਦਿਆਂ ਦਾ ਹੱਲ ਕੱਢਿਆ ਜਾ ਸਕਦਾ ਹੈ, ਪਰ ਧਾਰਮਿਕ ਯਾਤਰਾਵਾਂ ਨੂੰ ਅਣਮਿੱਥੇ ਸਮੇਂ ਲਈ ਰੋਕਣਾ ਸਵੀਕਾਰਯੋਗ ਨਹੀਂ। ਮਾਨ ਨੇ ਦੋਸ਼ ਲਗਾਇਆ ਕਿ ਕਰਤਾਰਪੁਰ ਲਾਂਘੇ ਨੂੰ ਬੰਦ ਰੱਖਣ ਦੇ ਨਾਲ-ਨਾਲ ਪੰਜਾਬ ਨਾਲ ਜੁੜੇ ਕਈ ਅਹਿਮ ਮਸਲੇ ਵੀ ਲੰਬੇ ਸਮੇਂ ਤੋਂ ਅਣਸੁਲਝੇ ਪਏ ਹਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਚੋਣਾਂ, ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ ਅਤੇ ਸਿੱਖਾਂ ਨਾਲ ਸਬੰਧਤ ਹੋਰ ਮਸਲਿਆਂ ਨੂੰ ਵੀ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਿੱਖ ਕੌਮ ਵਿੱਚ ਬੇਚੈਨੀ ਅਤੇ ਰੋਸ ਵਧ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਧਾਰਮਿਕ ਅਧਿਕਾਰਾਂ ਨੂੰ ਸੁਰੱਖਿਆ ਦੇ ਨਾਂ ਹੇਠ ਸੀਮਤ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਅਤੇ ਪੰਜਾਬ ਨਾਲ ਸਬੰਧਤ ਲੰਬਿਤ ਮਸਲਿਆਂ ਦੇ ਹੱਲ ਲਈ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਸਿੱਖ ਕੌਮ ਵਿੱਚ ਪੈਦਾ ਹੋ ਰਹੀ ਨਾਰਾਜ਼ਗੀ ਹੋਰ ਗੰਭੀਰ ਰੂਪ ਧਾਰ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।