650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਦੇਖੀ ਦਸਤਾਵੇਜ਼ੀ ਫ਼ਿਲਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਗਸਤ ,ਬੋਲੇ ਪੰਜਾਬ ਬਿਊਰੋ:
ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਕਲ੍ਹ ਸ਼ਾਮ ਪਿੰਡ ਰਾਏਪੁਰ ਖੁਰਦ ਅਤੇ ਦੁਰਾਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਪਦੇਸ਼ਾਂ ‘ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਬਰਾਬਰੀ, ਮਾਨਵਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਹੋਏ। ਦਸਤਾਵੇਜ਼ੀ ਫ਼ਿਲਮ ਰਾਹੀਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸੱਚ, ਮਿਹਨਤ, ਨਿਮਰਤਾ ਅਤੇ ਪਰਮਾਤਮਾ ਦੀ ਭਗਤੀ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਦੇ ਉਪਦੇਸ਼ ਸਮਾਜ ਵਿੱਚ ਆਪਸੀ ਸਦਭਾਵਨਾ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਦਸਤਾਵੇਜ਼ੀ ਫ਼ਿਲਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਾਂ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕਰ ਸਕਣ।












