ਕਿਹਾ: ਮੀਰੀ-ਪੀਰੀ ਖ਼ਾਲਸਾ ਮਾਰਚ ‘ਤੇ ਆਪ ਵਿਧਾਇਕ ਦੀ ਟਿੱਪਣੀ ਈਰਖਾ ਤੋਂ ਪ੍ਰੇਰਿਤ
ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ – ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ
ਸ੍ਰੀ ਮੁਕਤਸਰ ਸਾਹਿਬ /ਅੰਮ੍ਰਿਤਸਰ , 2 ਅਗਸਤ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਪੰਥਕ ਪਰੰਪਰਾਵਾਂ ਦਾ ਨਿਰਾਦਰ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਾਲਸਾ ਮਾਰਚ ਵਿੱਚ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਬਾਰੇ ਕੀਤੀ ਟਿੱਪਣੀ ਉਨ੍ਹਾਂ ਦੀ ਈਰਖਾ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਕਰਨੇ ਪੰਥ ਦੀ ਵਿਰਾਸਤ ਹੈ ਅਤੇ ਇੰਜ ਲਗਦਾ ਕਿ ਆਪ ਵਿਧਾਇਕ ਸਿੱਖੀ ਸਿਧਾਂਤ ਅਤੇ ਪਰੰਪਰਾਵਾਂ ਦੀ ਸਮਝ ਨਹੀਂ ਰੱਖਦੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪੰਥ ਦੀ ਮਰਿਆਦਾ ਅਤੇ ਗੁਰੂ ਘਰ ਨਾਲ ਸਬੰਧਤ ਕਿਸੇ ਵੀ ਵਿਸ਼ੇ ‘ਤੇ ਬੋਲਣ ਤੋਂ ਪਹਿਲਾਂ ਸੌ ਵਾਰੀ ਸੋਚਣਾ ਚਾਹੀਦਾ ਹੈ। ਬਿਨਾਂ ਪੂਰੀ ਜਾਣਕਾਰੀ ਅਤੇ ਮਰਿਆਦਾ ਦੀ ਸਮਝ ਤੋਂ ਦਿੱਤਾ ਗਿਆ ਬਿਆਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਗੱਲ ਕੀਤੀ ਜਾ ਰਹੀ ਹੈ, ਉਹ ਕੋਈ ਸਿਆਸੀ ਰੋਡ ਸ਼ੋਅ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ ਮਾਰਚ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅਤੇ ਪੰਥਕ ਪਰੰਪਰਾਵਾਂ ਬਾਰੇ ਬੋਲਦਿਆਂ ਹਰ ਵਿਅਕਤੀ ਨੂੰ ਸੰਯਮ ਅਤੇ ਸਤਿਕਾਰ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚ ਪਰੰਪਰਾ ਨੂੰ ਸਮਰਪਿਤ ਇਹ ਮਾਰਚ ਗੁਰਮਤਿ ਮਰਿਆਦਾ ਅਨੁਸਾਰ ਚੱਲ ਰਿਹਾ ਹੈ ਅਤੇ ਇਸ ਨੂੰ ਉਸੇ ਸਤਿਕਾਰ ਅਤੇ ਗੰਭੀਰਤਾ ਨਾਲ ਹੀ ਦੇਖਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਵੀ ਕੀਤੀ।
ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸਿੱਖ ਪਰੰਪਰਾਵਾਂ ਅਤੇ ਗੁਰੂ ਘਰ ਦੀਆਂ ਗੋਲਕਾਂ ਬਾਰੇ ਬੋਲਣ ਵਾਲਿਆਂ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੁਰੂ ਕੀਆਂ ਗੋਲਕਾਂ ਵਾਲੇ ਹੀ ਹਨ ਜੋ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦਾ ਸਹਾਰਾ ਬਣਦੇ ਹਨ। ਜਦੋਂ ਸਰਕਾਰਾਂ ਵੀ ਬੇਵੱਸ ਸਨ ਤਾਂ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੇ ਸਿੱਖਾਂ ਨੇ ਲੋੜਵੰਦਾਂ ਦੀ ਮਦਦ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਸਮੇਂ ਤੋਂ ਬੇਅਬਦੀ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਲਈ ਆਖਦਿਆਂ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਇੱਕ ਪਰਿਵਾਰ ਹੈ ਇਸ ਲਈ ਇੱਕ ਦੂਜੇ ਦਾ ਖ਼ਿਆਲ ਰੱਖਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਤਾਕਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਨੌਤੀ ਦੇਣਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਪਹਿਚਾਣੀਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦੇ ਵਫ਼ਾਦਾਰ ਹੋਈਏ।
ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਮੀਰੀ ਪੀਰੀ ਖਾਲਸਾ ਮਾਰਚ ਦੇ ਮਕਸਦ ਅਤੇ ਸਿੱਖ ਸਿਧਾਂਤਾਂ ਸਬੰਧੀ ਵਿਚਾਰਾਂ ਕੀਤੀਆਂ।
ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ ਨੇ ਨਿਭਾਈ। ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ।
ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਭਾਗਸਰ, ਚਿੰਭੜਾਂਵਾਲੀ, ਮਹਾਂਬੱਧਰ, ਚੱਕ ਸ਼ੇਰੇਵਾਲਾ, ਬਾਮ, ਉੜਾਂਗ, ਪੰਨੀਵਾਲਾ, ਮੋਹਲਾਂ, ਰਾਣੀਵਾਲਾ, ਬੋਦੀਵਾਲਾ, ਆਲਮਵਾਲਾ, ਵਿਰਕ ਖੇੜਾ, ਪਿੰਡ ਮਲੋਟ, ਬਠਿੰਡਾ ਚੌਂਕ ਸ਼ਹਿਰ, ਦਾਨੇਵਾਲਾ ਚੌਂਕ, ਘੁਮਿਆਰਾ, ਖੇੜਾ, ਫੱਕਰਸਰ, ਗੁ: ਸਾਹਿਬ ਪਾ: ਦਸਵੀਂ ਥੇਹੜੀ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।
ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁ: ਸਾਹਿਬ ਪਾ: ਦਸਵੀਂ ਥੇਹੜੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਤਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਵਿਧਾਇਕ ਸ. ਹਰਪ੍ਰੀਤ ਸਿੰਘ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਜਥੇਦਾਰ ਕੌਰ ਸਿੰਘ ਬਹਾਵਵਾਲਾ, ਸ. ਗੁਰਪਾਲ ਸਿੰਘ ਗੋਰਾ, ਸ. ਦਰਸ਼ਨ ਸਿੰਘ ਮੋਠਾਂਵਾਲਾ, ਸ. ਹਰਤੇਜ ਸਿੰਘ ਭੁੱਲਰ, ਬੀਬੀ ਕਿਰਨਵੀਰ ਕੌਰ, ਸ. ਤੇਜਾ ਸਿੰਘ ਨੰਦਗੜ੍ਹ, ਸੀਨੀਅਰ ਅਕਾਲੀ ਆਗੂ ਸ. ਮਨਜਿੰਦਰ ਸਿੰਘ, ਸ. ਜਗਜੀਤ ਸਿੰਘ ਹਨੀ ਫੱਤਣਵਾਲਾ, ਬਾਬਾ ਮਨਜੀਤ ਸਿੰਘ ਖੂਹ ਸਾਹਿਬ ਵਾਲੇ, ਸ. ਪਰਮਿੰਦਰ ਸਿੰਘ ਕੋਲਿਆਂਵਾਲੀ, ਬੀਬੀ ਮਨਦੀਪ ਕੌਰ ਸੰਧੂ, ਸ. ਰਣਜੀਤ ਸਿੰਘ ਮਾਨ, ਸਾਬਕਾ ਮੈਂਬਰ ਸ. ਸਰੂਪ ਸਿੰਘ, ਜਥੇਦਾਰ ਹੀਰਾ ਸਿੰਘ, ਸ. ਪ੍ਰੀਤ ਇੰਦਰ ਸਿੰਘ ਦਿਹਾਤੀ ਪ੍ਰਧਾਨ, ਬਾਬਾ ਮਨਪ੍ਰੀਤ ਸਿੰਘ, ਫੈਡਰੇਸ਼ਨ ਆਗੂ ਸਿਮਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਸ. ਨਿਰਮਲਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਸੰਦੀਪ ਸਿੰਘ ਕਲੋਤਾ, ਸਾਬਕਾ ਮੈਨੇਜਰ ਸ. ਸੁਮੇਰ ਸਿੰਘ ਬਾਦੀਆਂ, ਸ. ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਸ. ਜਸਬੀਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।












