ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਾ ਅਜੈ ਸਿੰਘ ਜੇਲ੍ਹ ਭੇਜਿਆ; ਪੇਸ਼ੀ ਦੌਰਾਨ ਕੁੱਟਮਾਰ ਦੀ ਵੀਡੀਓ ਹੋਈ ਵਾਇਰਲ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 6 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਜੈ ਸਿੰਘ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ। ਇਸ ਮਾਮਲੇ ਨੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸੰਗਤ ਨੇ ਕਾਨਪੁਰ ਵਿਖ਼ੇ ਫ਼ਜ਼ਲਗੰਜ ਥਾਣੇ ਦਾ ਘੇਰਾਅ ਕਰਕੇ ਦੋਸ਼ੀ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ਼ਾਸਤਰੀ ਨਗਰ ਦੇ ਰਹਿਣ ਵਾਲੇ ਰੈਸਟੋਰੈਂਟ ਸੰਚਾਲਕ ਹਰਪ੍ਰੀਤ ਸਿੰਘ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਐਤਵਾਰ ਸ਼ਾਮ ਅਜੈ ਸਿੰਘ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਗਾਲੀ-ਗਲੌਚ ਕੀਤੀ, ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਮੁੱਚੀ ਸਿੱਖ ਕੌਮ ਬਾਰੇ ਅਤਿ ਅਪਮਾਨਜਨਕ ਸ਼ਬਦ ਵਰਤੇ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਨ੍ਹਾਂ ਤੋਂ ਰੰਗਦਾਰੀ ਦੀ ਮੰਗ ਕੀਤੀ। ਗੱਲਬਾਤ ਦੀ ਆਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਹੋਰ ਗੰਭੀਰ ਰੂਪ ਧਾਰ ਲਿਆ। ਸਿੱਖ ਜਥੇਬੰਦੀਆਂ ਅਤੇ ਸੰਗਤ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਗੁਰੂਆਂ ਜਾਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਇਸ ਦੌਰਾਨ ਅਦਾਲਤ ਵਿੱਚ ਪੇਸ਼ੀ ਸਮੇਂ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਦੀ ਮੌਜੂਦਗੀ ਦੌਰਾਨ ਕੁਝ ਵਿਅਕਤੀਆਂ ਵੱਲੋਂ ਦੋਸ਼ੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਹਾਲਾਂਕਿ, ਇਸ ਵੀਡੀਓ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਪੁਲਿਸ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਡੀਓ ਰਿਕਾਰਡਿੰਗ ਸਮੇਤ ਹੋਰ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਨੇ ਦੋਸ਼ੀ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।