ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਇਸ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਇਸ ਵੇਲੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਕੋਈ ਯੋਜਨਾ ਜਾਂ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਦਨ ਵਿੱਚ ਆਪਣੀ ਗੱਲ ਰੱਖਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਲਈ ਮੁਫ਼ਤ ਬਿਜਲੀ ਦੀ ਸੁਵਿਧਾ ਦਿੱਤੀ ਜਾ ਸਕਦੀ ਹੈ, ਤਾਂ ਸਰਕਾਰੀ ਸਕੂਲਾਂ ਨੂੰ ਵੀ ਇਸੇ ਤਰਜ਼ ‘ਤੇ ਮੁਫ਼ਤ ਬਿਜਲੀ ਮਿਲਣੀ ਚਾਹੀਦੀ ਹੈ। ਉਨ੍ਹਾਂ ਤਰਕ ਦਿੱਤਾ ਕਿ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਗਰੀਬ ਅਤੇ ਆਮ ਪਰਿਵਾਰਾਂ ਦੇ ਬੱਚੇ ਪੜ੍ਹਦੇਹਨ। ਸਕੂਲਾਂ ‘ਚ ਬਿਜਲੀ ਬਿਲਾਂ ਦਾ ਬੋਝ ਪੈਣ ਨਾਲ ਕਈ ਵਾਰ ਪੜ੍ਹਾਈ ਦਾ ਮਾਹੌਲ ਪ੍ਰਭਾਵਿਤ ਹੁੰਦਾ ਹੈ, ਇਸ ਲਈ ਸਰਕਾਰ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਵਿਦਿਅਕ ਅਦਾਰਿਆਂ ਦੇ ਬਿਜਲੀ ਬਿਲ ਮਾਫ਼ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੰਗ ‘ਤੇ ਸਰਕਾਰ ਦੀ ਮੌਜੂਦਾ ਨੀਤੀ ਬਾਰੇ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਸੁਧਾਰ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਪਰ ਫਿਲਹਾਲ ਸਰਕਾਰੀ ਸਕੂਲਾਂ ਲਈ ਮੁਫ਼ਤ ਬਿਜਲੀ ਦੀ ਕੋਈ ਵਿਵਸਥਾ ਨਹੀਂ ਹੈ। ਇਸ ਬਹਿਸ ਨੇ ਸਦਨ ਵਿੱਚ ਇੱਕ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ, ਜਿਸ ਵਿੱਚ ਸਰਕਾਰੀ ਅਦਾਰਿਆਂ ਦੀਆਂ ਬਿਜਲੀ ਲੋੜਾਂ ਅਤੇ ਸਰਕਾਰ ਦੀਆਂ ਵਿੱਤੀ ਨੀਤੀਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਜਿੱਥੇ ਇੱਕ ਪਾਸੇ ਵਿਧਾਇਕ ਪਠਾਣਮਾਜਰਾ ਨੇ ਸਕੂਲਾਂ ਦੀਆਂ ਆਰਥਿਕ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਰਾਹਤ ਦੀ ਮੰਗ ਕੀਤੀ, ਉੱਥੇ ਹੀ ਮੰਤਰੀ ਦੇ ਜਵਾਬ ਨਾਲ ਇਹ ਸਾਫ਼ ਹੋਗਿਆ ਹੈ ਕਿ ਸਰਕਾਰ ਫਿਲਹਾਲ ਇਸ ਸਬੰਧੀ ਮੌਜੂਦਾ ਨਿਯਮਾਂ ਅਨੁਸਾਰ ਹੀ ਚੱਲ ਰਹੀ ਹੈ।












