ਨਵੀਂ ਦਿੱਲੀ 6 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਜੀਵਨ ਸਮੁੱਚੀ ਮਨੁੱਖਤਾ ਲਈ ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦਾ ਅਨਮੋਲ ਸੰਦੇਸ਼ ਹੈ। ਬਹੁਤ ਹੀ ਛੋਟੀ ਉਮਰ ਵਿੱਚ ਗੁਰਗੱਦੀ ਸੰਭਾਲ ਕੇ ਗੁਰੂ ਸਾਹਿਬ ਨੇ ਇਹ ਸਾਬਤ ਕੀਤਾ ਕਿ ਮਹਾਨਤਾ ਉਮਰ ਨਾਲ ਨਹੀਂ, ਸਗੋਂ ਉੱਚੇ ਆਚਰਨ, ਪ੍ਰਭੂ-ਪ੍ਰੇਮ ਅਤੇ ਲੋਕ-ਭਲਾਈ ਨਾਲ ਪ੍ਰਾਪਤ ਹੁੰਦੀ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉੱਮੀਦੁਆਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਜੀਵਨ ਦੌਰਾਨ ਦੁਖੀ, ਗਰੀਬ ਅਤੇ ਰੋਗਾਂ ਨਾਲ ਪੀੜਤ ਲੋਕਾਂ ਦੀ ਨਿਸ਼ਕਾਮ ਸੇਵਾ ਕੀਤੀ। ਦਿੱਲੀ ਵਿੱਚ ਚੇਚਕ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਸਮੇਂ ਗੁਰੂ ਸਾਹਿਬ ਨੇ ਆਪਣੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਨ ਦਾ ਯਤਨ ਕੀਤਾ। ਸਿੱਖ ਇਤਿਹਾਸ ਵਿੱਚ ਗੁਰੂ ਸਾਹਿਬ ਦਾ ਇਹ ਉੱਚਾ ਆਦਰਸ਼ ਸੇਵਾ-ਭਾਵਨਾ ਦੀ ਸਦੀਵੀ ਮਿਸਾਲ ਹੈ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਸਵਾਰਥ, ਹੰਕਾਰ ਅਤੇ ਭੌਤਿਕਵਾਦ ਵੱਲ ਵਧ ਰਿਹਾ ਹੈ, ਉਦੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਸਾਨੂੰ ਨਿਮਰਤਾ, ਦਇਆ ਅਤੇ ਮਨੁੱਖਤਾ ਦਾ ਰਾਹ ਦਿਖਾਉਂਦਾ ਹੈ। ਗੁਰੂ ਸਾਹਿਬ ਦਾ ਉਪਦੇਸ਼ ਸਾਨੂੰ ਇਹ ਪ੍ਰੇਰਣਾ ਦਿੰਦਾ ਹੈ ਕਿ ਹਰ ਮਨੁੱਖ ਦੀ ਨਿਸ਼ਕਾਮ ਸੇਵਾ ਕਰਨਾ ਹੀ ਅਸਲ ਧਰਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਗੁਰਬਾਣੀ ਨਾਲ ਜੁੜਨਾ, ਸਿੱਖੀ ਦੇ ਸਿਧਾਂਤਾਂ ਨੂੰ ਅਪਣਾਉਣਾ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਗੁਰੂ ਘਰ ਦੀਆਂ ਪਰੰਪਰਾਵਾਂ, ਕੀਰਤਨ, ਸੰਗਤ ਅਤੇ ਸੇਵਾ ਨਾਲ ਜੁੜਿਆ ਨੌਜਵਾਨ ਹੀ ਮਜ਼ਬੂਤ ਪੰਥ ਅਤੇ ਸੁਚੱਜੇ ਸਮਾਜ ਦੀ ਨੀਂਹ ਬਣ ਸਕਦਾ ਹੈ। ਅੰਤ ਵਿਚ ਸਰਦਾਰ ਸੰਤ ਮੀਤ ਸਿੰਘ ਨੇ ਸਮੂਹ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਆਓ ਅਸੀਂ ਸਾਰੇ ਗੁਰੂ ਸਾਹਿਬ ਦੇ ਦਰਸਾਏ ਸੇਵਾ, ਨਿਮਰਤਾ, ਦਇਆ ਅਤੇ ਸਰਬੱਤ ਦੇ ਭਲੇ ਦੇ ਮਾਰਗ ‘ਤੇ ਚੱਲਣ ਦਾ ਸੰਕਲਪ ਕਰੀਏ। ਇਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਅਤੇ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਅਸਲ ਉਦੇਸ਼ ਹੈ।












