ਮੋਦੀ-ਸੁਖਬੀਰ ਮੁਲਾਕਾਤ ਨੇ ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਮੁੜ ਕੀਤੀਆਂ ਤੇਜ਼

ਨੈਸ਼ਨਲ ਪੰਜਾਬ

ਨਵੀਂ ਦਿੱਲੀ, 7 ਅਗਸਤ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):-

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਕੰਪਲੈਕਸ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਕੀਤੀ ਗਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਦੋਵਾਂ ਆਗੂਆਂ ਵਿਚਾਲੇ ਕਈ ਸਿਆਸੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਹਾਲਾਂਕਿ ਦੋਵਾਂ ਪਾਰਟੀਆਂ ਦੇ ਨੇਤਾਵਾਂ ਨੇ ਮੁਲਾਕਾਤ ਦੇ ਵੇਰਵਿਆਂ ਬਾਰੇ ਖੁੱਲ੍ਹ ਕੇ ਕੁਝ ਨਹੀਂ ਕਿਹਾ, ਪਰ ਸਿਆਸੀ ਹਲਕਿਆਂ ਵਿੱਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਦੋਵੇਂ ਪੁਰਾਣੇ ਸਾਥੀ ਮੁੜ ਇਕੱਠੇ ਹੋ ਸਕਦੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ਼ ਇੰਨਾ ਕਿਹਾ ਕਿ ਦੋਵੇਂ ਆਗੂਆਂ ਦੀ ਮੁਲਾਕਾਤ ਹੋਈ ਹੈ ਅਤੇ ਇਸ ਤੋਂ ਵੱਧ ਉਹ ਇਸ ਵੇਲੇ ਕੁਝ ਨਹੀਂ ਕਹਿ ਸਕਦੇ।
ਸੂਤਰਾਂ ਦਾ ਕਹਿਣਾ ਹੈ ਕਿ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਵਿਰੋਧੀ ਧਿਰਾਂ ਦੇ ਇਕੱਠੇ ਹੋਣ ਦੀਆਂ ਕੋਸ਼ਿਸ਼ਾਂ ਨੂੰ ਦੇਖਦਿਆਂ ਭਾਜਪਾ ਵੀ ਆਪਣੇ ਪੁਰਾਣੇ ਸਾਥੀਆਂ ਨੂੰ ਮੁੜ ਨਾਲ ਜੋੜਨ ਦੇ ਪੱਖ ਵਿੱਚ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲਗਭਗ ਦੋ ਦਹਾਕਿਆਂ ਤੱਕ ਸਿਆਸੀ ਸਾਥੀ ਰਹੇ। ਪਰ 2020 ਵਿੱਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਅਕਾਲੀ ਦਲ ਨੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਤੋਂ ਆਪਣਾ ਨਾਤਾ ਤੋੜ ਲਿਆ ਸੀ। ਬਾਅਦ ਵਿੱਚ ਕੇਂਦਰ ਸਰਕਾਰ ਨੇ ਇਹ ਖੇਤੀ ਕਾਨੂੰਨ ਵਾਪਸ ਲੈ ਲਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।