ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਝੋਨੇ ਦੇ ਆਉਣ ਵਾਲੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ ਪੁਰਾਣੇ ਅਨਾਜ ਦੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦੇ ਉਠਾਏ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸੂਬੇ ਵਿੱਚ ਕਰੀਬ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦੀ ਉਮੀਦ ਹੈ, ਜਿਸ ਤੋਂ ਲਗਭਗ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚੌਲ ਕੇਂਦਰੀ ਪੂਲ ਲਈ ਮੁਹੱਈਆ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀਆਂ ਰਾਜ ਖਰੀਦ ਏਜੰਸੀਆਂ ਹੁਣ ਤੱਕ ਐਫ.ਸੀ.ਆਈ. ਨੂੰ 86 ਲੱਖ ਮੀਟ੍ਰਿਕ ਟਨ ਚੌਲ ਸਪਲਾਈ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ 18 ਲੱਖ ਮੀਟ੍ਰਿਕ ਟਨ ਪੁਰਾਣਾ ਸਟਾਕ ਚੁੱਕੇ ਜਾਣ ਨਾਲ ਲੰਬਿਤ ਚੌਲ ਐਫ.ਸੀ.ਆਈ. ਨੂੰ ਭੇਜਣ ਲਈ ਭੰਡਾਰਨ ਦੀ ਥਾਂ ਬਣੇਗੀ ਅਤੇ ਆਉਣ ਵਾਲੇ ਖਰੀਦ ਸੀਜ਼ਨ ਵਿੱਚ ਚੌਲ ਮਿੱਲਰਾਂ ਨੂੰ ਵੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕੇਂਦਰ ਨੂੰ ਪੰਜਾਬ ਵਿੱਚ ਮੰਡੀ ਯਾਰਡਾਂ ਅਤੇ ਚੌਲ ਮਿੱਲਾਂ ਵਿੱਚ ਪਈ 27 ਲੱਖ ਮੀਟ੍ਰਿਕ ਟਨ ਕਣਕ ਨੂੰ ਹੋਰ ਖਪਤਕਾਰ ਸੂਬਿਆਂ ਵਿੱਚ ਤੁਰੰਤ ਚੁੱਕਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਖਰੀਫ਼ ਸੀਜ਼ਨ 2026-27 ਦੌਰਾਨ ਝੋਨੇ ਦੀ ਸਟੋਰੇਜ ਲਈ ਲੋੜੀਂਦੀ ਥਾਂ ਉਪਲਬਧ ਹੋਵੇਗੀ। ਉਨ੍ਹਾਂ ਕੇਂਦਰ ਨੂੰ ਕਿਸਾਨਾਂ ਦੀਆਂ ਫਸਲਾਂ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ।












