ਨਵੀਂ ਦਿੱਲੀ, 18 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਇਨਸਾਫ਼ ਮੋਰਚੇ ਅਤੇ ਪੰਥਕ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਅਮਨਮਈ ਰੋਸ ਮਾਰਚ ਦੌਰਾਨ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੀ ਨਾਗਰਿਕਾਂ ਵਿਰੁੱਧ ਡਰੋਨਾਂ ਦੀ ਵਰਤੋਂ ਕਰਨਾ ਅਜਿਹਾ ਸ਼ਰਮਨਾਕ ਅਮਲ ਹੈ, ਜਿਵੇਂ ਜੰਗ ਦੌਰਾਨ ਹਮਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਟਿੱਪਰਾਂ ਅਤੇ ਬੈਰੀਕੇਡਾਂ ਨਾਲ ਬੰਦ ਕਰਕੇ ਪੰਥਕ ਜਥੇਬੰਦੀਆਂ ਨੂੰ ਪੰਜਾਬ ਦੇ ਗਵਰਨਰ ਨੂੰ ਯਾਦ ਪੱਤਰ ਦੇਣ ਤੋਂ ਰੋਕਣਾ ਸੰਵਿਧਾਨ ਦੀਆਂ ਧਾਰਾਵਾਂ 14, 19 ਅਤੇ 21 ਦੀ ਉਲੰਘਣਾ ਹੈ। ਸ. ਮਾਨ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਖੁਦ ਹੀ ਅਮਨਮਈ ਢੰਗ ਨਾਲ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ਉਤੇ ਜ਼ਬਰ ਕਰਨ ਲੱਗ ਪਏ ਤਾਂ ਭਵਿੱਖ ਵਿੱਚ ਗੈਰ-ਕਾਨੂੰਨੀ ਤੱਤਾਂ ’ਤੇ ਕਾਨੂੰਨ ਦਾ ਡਰ ਕਾਇਮ ਰੱਖਣਾ ਵੀ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਸਿੱਖਾਂ ਨੂੰ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਤੋਂ ਰੋਕਣ ਦੀ ਬਜਾਏ ਸਰਕਾਰ ਨੂੰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਨਿਆਂਸੰਗਤ ਫ਼ੈਸਲਾ ਲੈ ਕੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਕਰਨਾ ਚਾਹੀਦਾ ਹੈ। ਸ. ਮਾਨ ਨੇ ਮੋਰਚੇ ਦੇ ਆਗੂਆਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਭੰਨ-ਤੋੜ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦਰਜ ਕੀਤੇ ਕੇਸ ਤੁਰੰਤ ਰੱਦ ਕਰਨ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕਰਦਾ ਹੈ ਅਤੇ ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ਨੂੰ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਬੰਦ ਨੂੰ ਕਾਮਯਾਬ ਕਰਨ ਦੀ ਅਪੀਲ ਕਰਦਾ ਹੈ।












