ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਕੇ ਮੰਗਾਂ ਨੂੰ ਲਟਕਾਉਣ ਦੇ ਵਿਰੋਧ ਵਿੱਚ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅਰਥੀ ਫੂਕ ਮੁਜਾਹਰਾ

ਪੰਜਾਬ

ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਕੇ ਮੰਗਾਂ ਨੂੰ ਲਟਕਾਉਣ ਦੇ ਵਿਰੋਧ ਵਿੱਚ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅਰਥੀ ਫੂਕ ਮੁਜਾਹਰਾ

ਪਟਿਆਲਾ, 19 ਅਗਸਤ ,ਬੋਲੇ ਪੰਜਾਬ ਬਿਊਰੋ:

ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿੱਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਪਟਿਆਲਾ ਵੱਲੋਂ ਅੱਜ ਜਿਲ੍ਹਾ ਸਿੱਖਿਆ ਅਫ਼ਸਰ, ਪਟਿਆਲਾ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜਾਹਰਾ ਕੀਤਾ ਗਿਆ।

ਇਸ ਮੌਕੇ ਰਣਜੀਤ ਸਿੰਘ , ਪਰਮਵੀਰ ਸਿੰਘ, ਹਨੀ ਗਰਗ, ਬਲਜੀਤ ਸਿੰਘ, ਹਰਮਨਦੀਪ ਕੌਰ, ਅਮਨਦੀਪ ਕੌਰ ਵਾਲੀਆ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਦੌਰਾਨ ਯੂਨੀਅਨ ਮੈਂਬਰਾਂ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਅਤੇ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਮੀਟਿੰਗਾਂ ਵਿੱਚ ਹਾਂ-ਪੱਖੀ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਹਾਲ ਹੀ ਵਿੱਚ 13 ਅਤੇ 18 ਅਗਸਤ ਦੀਆਂ ਨਿਰਧਾਰਤ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਯੂਨੀਅਨ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿੱਚ ਡੀ.ਏ. ਸਬੰਧੀ ਫਾਈਲ ’ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਫਾਈਲ ਨੂੰ ਮਨਜ਼ੂਰੀ ਨਾ ਦੇ ਕੇ ਵਾਪਸ ਭੇਜ ਦਿੱਤਾ ਗਿਆ। ਯੂਨੀਅਨ ਨੇ ਇਸ ਕਾਰਵਾਈ ਨੂੰ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ।

ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਚੋਣਾਂ ਦੌਰਾਨ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ।

ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣ ਮੈਨੀਫੈਸਟੋ ਅਤੇ Teachers Guarantee Program ਤਹਿਤ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਇਸ ਵਾਅਦੇ ਨੂੰ ਵੀ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਮਲੀ ਰੂਪ ਨਹੀਂ ਦਿੱਤਾ ਗਿਆ। ਅੱਜ ਵੀ ਕੰਪਿਊਟਰ ਅਧਿਆਪਕ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ ਅਤੇ “ਪਰਨਾ ਓਥੇ ਦਾ ਓਥੇ” ਵਾਲੀ ਸਥਿਤੀ ਬਣੀ ਹੋਈ ਹੈ।

ਇਸੇ ਤਰ੍ਹਾਂ 2022 ਵਿੱਚ ਸਿੱਖਿਆ ਮੰਤਰੀ ਵੱਲੋਂ 6ਵੇਂ ਤਨਖਾਹ ਕਮਿਸ਼ਨ ਨੂੰ ਕੰਪਿਊਟਰ ਅਧਿਆਪਕਾਂ ਲਈ ‘ਤੋਹਫ਼ਾ’ ਦੱਸਿਆ ਗਿਆ ਸੀ, ਪਰ ਅੱਜ ਤੱਕ ਨਾ ਤਾਂ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਤਨਖਾਹ ਕਮਿਸ਼ਨ ਦਿੱਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਬਣਦਾ ਡੀ.ਏ.ਦਿੱਤਾ ਗਿਆ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ, Teachers Guarantee Program promise, 6ਵੇਂ ਤਨਖਾਹ ਕਮਿਸ਼ਨ ਸਬੰਧੀ ਐਲਾਨ ਅਤੇ 70 ਤੋਂ ਵੱਧ ਮੀਟਿੰਗਾਂ —ਇਨ੍ਹਾਂ ਸਭ ਦੇ ਬਾਵਜੂਦ ਜੇਕਰ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਬਾਅਦ ਵੀ ਮਸਲਾ ਉੱਥੇ ਦਾ ਉੱਥੇ ਹੈ ਤਾਂ ਇਹ ਕੰਪਿਊਟਰ ਅਧਿਆਪਕਾਂ ਨਾਲ ਗੰਭੀਰ ਅਣਦੇਖੀ ਹੈ।

ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਕੰਪਿਊਟਰ ਅਧਿਆਪਕ ਸੰਤੁਸ਼ਟ ਨਹੀਂ ਹੋਣਗੇ। ਸਰਕਾਰ ਨੂੰ ਮੀਟਿੰਗਾਂ ਮੁਲਤਵੀ ਕਰਨ ਦੀ ਬਜਾਏ ਲੰਬਿਤ ਮੰਗਾਂ ’ਤੇ ਤੁਰੰਤ ਠੋਸ ਅਤੇ ਸਮਾਂਬੱਧ ਫੈਸਲਾ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ।

ਰੋਸ ਪ੍ਰਦਰਸ਼ਨ ਉਪਰੰਤ ਯੂਨੀਅਨ ਮੈਂਬਰਾਂ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ।

ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਪਟਿਆਲਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ। ਜੇਕਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।