ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈਕਿ ਦੋਵੇਂ ਪਾਰਟੀਆਂ ਦਾ ਗੱਠਜੋੜ ਲੰਮੇ ਸਮੇਂ ਤੱਕ ਪੰਜਾਬ ਦੀ ਸਿਆਸਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਿਹਾ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਗੱਠਜੋੜ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮੁੱਦੇ’ਤੇ ਆਪਣਾ ਪੱਖ ਰੱਖਿਆ।
ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਹਿਲਾਂ ਲੰਮੇ ਸਮੇਂ ਤੱਕ ਇਕੱਠੇ ਕੰਮ ਕਰ ਚੁੱਕੇ ਚੁੱ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਗੱਠਜੋੜ ਨੂੰ ਮਜ਼ਬੂਤੀ ਨਾਲ ਚਲਾਇਆ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰ ਵਿੱਚ ਵੀ ਇਹ ਗੱਠਜੋੜ ਜਾਰੀ ਰਿਹਾ।
ਖੇਤੀ ਕਾਨੂੰਨਾਂ ਦੇ ਮੁੱਦੇ’ਤੇ ਦੋਵੇਂ ਪਾਰਟੀਆਂ ਦੇ ਰਾਹ ਵੱਖ ਹੋਣ ਦਾ ਜ਼ਿਕਰ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਮੌਜੂਦਾ ਹਾਲਾਤ ਵਿੱਚ ਸਮਾਜਿਕ ਸਦਭਾਵਨਾ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇੱਕ ਵਰਗ ਦੀ ਭਾਵਨਾ ਹੈ ਕਿ ਦੋਵੇਂ ਪਾਰਟੀਆਂ ਨੂੰ ਮੁੜ ਇਕੱਠੇ ਹੋਣਾ ਚਾਹੀਦਾ ਹੈ। ਅਕਾਲੀ ਆਗੂ ਮਜੀਠੀਆ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਅਕਾਲੀ ਦਲ ਅਤੇ ਭਾਜਪਾ ਇਕੱਠੇ ਹੋਣਗੇ ਜਾਂ ਨਹੀਂ, ਇਸ ਬਾਰੇ ਫ਼ੈਸਲਾ ਦੋਵੇਂ ਪਾਰਟੀਆਂ ਦੀਆਂ ਲੀਡਰਸ਼ਿਪਾਂ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਗੱਲ ਰੱਖੀ ਹੈ। ਮਜੀਠੀਆ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੇ ਬਿਆਨ ਤੋਂ ਬਾਅਦ ਅੱਗੇ ਕੀ ਸਿਆਸੀ ਨਤੀਜਾ ਨਿਕਲਦਾ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ। ਹਾਲਾਂਕਿ ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇਚੱਲ ਰਹੀਆਂ ਚਰਚਾਵਾਂ ਨੂੰ ਹੋਰ ਹਵਾ ਮਿਲੀ ਹੈ।












